ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

1

ਮੋਗਾ 25 July 2026 AJ DI Awaaj

Punjab Desk :   ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਦੇ ਇੱਕ ਅਧਿਆਪਕ ਨੂੰ ਵਿਦਿਆਰਥਣਾਂ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਦੀ ਮੁੱਢਲੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ।

ਸ਼ਿਕਾਇਤ ਅਨੁਸਾਰ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਕੁਝ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਅਧਿਆਪਕ ਨੇ ਉਨ੍ਹਾਂ ਨਾਲ ਗਲਤ ਵਿਵਹਾਰ ਕੀਤਾ ਅਤੇ ਕਿਸੇ ਨੂੰ ਦੱਸਣ ‘ਤੇ ਫੇਲ੍ਹ ਕਰਨ ਦੀ ਧਮਕੀ ਵੀ ਦਿੱਤੀ।

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਅਜਿਹੇ ਕਰਮਚਾਰੀ ਨੂੰ ਬਰਦਾਸ਼ਤ ਨਹੀਂ ਕਰੇਗੀ ਜੋ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਬੱਚਿਆਂ ਨੂੰ ਡਰਾਉਣ ਜਾਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇ।

ਸਿੱਖਿਆ ਮੰਤਰੀ ਨੇ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਦੋਸ਼ ਸਾਬਤ ਹੋਣ ਦੀ ਸੂਰਤ ਵਿੱਚ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ।

ਵਿਭਾਗ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੀ ਹਰ ਸ਼ਿਕਾਇਤ ‘ਤੇ ਤੁਰੰਤ ਅਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਮੁਅੱਤਲੀ ਦੌਰਾਨ ਸੰਬੰਧਿਤ ਅਧਿਆਪਕ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ ਅਤੇ ਉਸ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਦਾ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ, ਜਿੱਥੇ ਉਸ ਨੂੰ ਅਗਲੇ ਹੁਕਮਾਂ ਤੱਕ ਰੋਜ਼ਾਨਾ ਹਾਜ਼ਰੀ ਲਗਾਉਣੀ ਹੋਵੇਗੀ।