28 July 2026 Aj Di Awaaj
National Desk: ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕੌਕਰੇਚ ਜਨਤਾ ਪਾਰਟੀ (CJP) ਵੱਲੋਂ ਬਣਾਏ ਗਏ ਲੀਗਲ ਫੰਡ ਵਿੱਚ 1 ਕਰੋੜ ਰੁਪਏ ਦੇ ਯੋਗਦਾਨ ਦਾ ਐਲਾਨ ਕੀਤਾ ਹੈ। ਇਹ ਫੰਡ ਹਾਲੀਆ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਬਣਾਇਆ ਗਿਆ ਹੈ।
CJP ਦੇ ਬੁਲਾਰੇ ਸੌਰਵ ਦਾਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਭਰੋਸੇ ਦੇ ਬਾਵਜੂਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਦਿਆਰਥੀਆਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹੋਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਗ੍ਰਿਫ਼ਤਾਰ ਵਿਦਿਆਰਥੀਆਂ ਨੂੰ ਕਾਨੂੰਨੀ ਮਦਦ ਦਿਵਾਉਣ ਲਈ ਸੁਪਰੀਮ ਕੋਰਟ ਸਮੇਤ ਦੇਸ਼ ਭਰ ਦੇ ਵਕੀਲਾਂ ਨਾਲ ਸੰਪਰਕ ਵਿੱਚ ਹੈ।
ਕਪਿਲ ਸਿੱਬਲ ਨੇ ਕਿਹਾ ਕਿ ਬਿਹਾਰ, ਅਸਾਮ, ਪੱਛਮੀ ਬੰਗਾਲ, ਮਹਾਰਾਸ਼ਟਰ ਅਤੇ ਹੋਰ ਰਾਜਾਂ ਵਿੱਚ ਜਿੱਥੇ ਵੀ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਜਾਂ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਹੋਈ ਹੈ, ਉੱਥੇ ਉਨ੍ਹਾਂ ਦੀ ਕਾਨੂੰਨੀ ਮਦਦ ਲਈ ਵਕੀਲ ਅੱਗੇ ਆਉਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੀਆਂ ਗਈਆਂ ਐੱਫ.ਆਈ.ਆਰ. ਵਾਪਸ ਲਈਆਂ ਜਾਣੀਆਂ ਚਾਹੀਦੀਆਂ ਹਨ।
ਸਿੱਬਲ ਨੇ ਕਿਹਾ, “ਮੈਂ ਆਪਣੇ ਵੱਲੋਂ 1 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ ਅਤੇ ਦੇਸ਼ ਭਰ ਦੇ ਵਕੀਲਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੀ ਇਸ ਫੰਡ ਵਿੱਚ ਯੋਗਦਾਨ ਪਾਉਣ, ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਕਾਨੂੰਨੀ ਸਹਾਇਤਾ ਮਿਲ ਸਕੇ।”
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ CJP ਇੱਕ ਵੈੱਬਸਾਈਟ ਸ਼ੁਰੂ ਕਰੇਗੀ, ਜਿਸ ‘ਤੇ ਉਨ੍ਹਾਂ ਵਿਦਿਆਰਥੀਆਂ ਦੇ ਨਾਂ ਅਤੇ ਵੇਰਵੇ ਦਰਜ ਕੀਤੇ ਜਾਣਗੇ ਜਿਨ੍ਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਹੋਈ ਹੈ। ਇਸ ਪਲੇਟਫਾਰਮ ਰਾਹੀਂ ਉਹ ਵਕੀਲ ਵੀ ਜੁੜ ਸਕਣਗੇ ਜੋ ਬਿਨਾਂ ਫ਼ੀਸ ਜਾਂ ਹੋਰ ਕਿਸੇ ਤਰੀਕੇ ਨਾਲ ਕਾਨੂੰਨੀ ਮਦਦ ਦੇਣਾ ਚਾਹੁੰਦੇ ਹਨ।



















