ਪੱਕੇ ਕਰਨ ਦੀ ਥਾਂ ਨਰੇਗਾ ਮੁਲਾਜ਼ਮਾਂ ਦੀ ਛਾਂਟੀ

23

ਮੋਹਾਲੀ: 30 July 2026 AAJ DI Awaaj

Punjab Desk :   ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਸੇਵਾਵਾਂ ਮਰਜ਼ ਕਰਕੇ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਨੇ ਵੀਰਵਾਰ ਨੂੰ ਮੋਹਾਲੀ ਸਥਿਤ ਵਿਕਾਸ ਭਵਨ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ‘ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਉਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਪਿੰਡ-ਪਿੰਡ ਜਾ ਕੇ ਆਮ ਆਦਮੀ ਪਾਰਟੀ (AAP) ਦੇ ਆਗੂਆਂ ਤੋਂ ਜਵਾਬ ਮੰਗਣਗੇ।

ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪ੍ਰਸਤ ਵਰਿੰਦਰ ਸਿੰਘ ਬਠਿੰਡਾ ਨੇ ਕਿਹਾ ਕਿ ਨਰੇਗਾ ਮੁਲਾਜ਼ਮ ਪਿਛਲੇ 18 ਸਾਲਾਂ ਤੋਂ ਕੰਟਰੈਕਟ ਆਧਾਰ ‘ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਨੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ।

ਯੂਨੀਅਨ ਅਨੁਸਾਰ, ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਪਰ ਸਰਕਾਰ ਬਣਨ ਦੇ ਸਾਢੇ ਚਾਰ ਸਾਲ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਿਛਲੇ ਅੱਠ ਮਹੀਨਿਆਂ ਤੋਂ ਕਰਮਚਾਰੀਆਂ ਨੂੰ ਤਨਖ਼ਾਹ ਨਹੀਂ ਮਿਲੀ।

ਯੂਨੀਅਨ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਤੋਂ ਚੱਲ ਰਹੇ ਸੰਘਰਸ਼ ਦੌਰਾਨ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗੀ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋਈਆਂ। ਯੂਨੀਅਨ ਦਾ ਕਹਿਣਾ ਹੈ ਕਿ ਇਨ੍ਹਾਂ ਮੀਟਿੰਗਾਂ ਵਿੱਚ ਸੇਵਾਵਾਂ ਮਰਜ਼ ਕਰਨ, ਮਰਜ਼ ਹੋਣ ਤੱਕ ਪੇ-ਸਕੇਲ ਦੇਣ, ਆਊਟਸੋਰਸ ਕਰਮਚਾਰੀਆਂ ਨੂੰ ਸਿੱਧੇ ਠੇਕੇ ‘ਤੇ ਲੈਣ, ਬਕਾਇਆ ਤਨਖ਼ਾਹਾਂ ਜਾਰੀ ਕਰਨ ਅਤੇ ਨੌਕਰੀ ਤੋਂ ਕੱਢੇ ਕਰਮਚਾਰੀਆਂ ਨੂੰ ਬਹਾਲ ਕਰਨ ਵਰਗੀਆਂ ਮੰਗਾਂ ‘ਤੇ ਸਹਿਮਤੀ ਬਣੀ ਸੀ।

ਕਰਮਚਾਰੀਆਂ ਦਾ ਦੋਸ਼ ਹੈ ਕਿ ਜਦੋਂ ਇਨ੍ਹਾਂ ਫ਼ੈਸਲਿਆਂ ਨੂੰ ਲਿਖਤੀ ਰੂਪ ਵਿੱਚ ਜਾਰੀ ਕਰਨ ਦੀ ਮੰਗ ਕੀਤੀ ਗਈ ਤਾਂ ਅਧਿਕਾਰੀ ਆਪਣੇ ਵਾਅਦਿਆਂ ਤੋਂ ਮੁੱਕਰ ਗਏ।

ਯੂਨੀਅਨ ਨੇ ਇਹ ਵੀ ਦੋਸ਼ ਲਗਾਇਆ ਕਿ ਖੰਨਾ ਵਿੱਚ ਪੰਚਾਇਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ਵਿੱਚ ਕਈ ਕਰਮਚਾਰੀ ਜ਼ਖ਼ਮੀ ਹੋਏ। ਇਸ ਤੋਂ ਬਾਅਦ ਕਰੀਬ 2,100 ਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਗਏ।

ਧਰਨਾ ਸ਼ਾਮ ਤੱਕ ਜਾਰੀ ਰਿਹਾ। ਯੂਨੀਅਨ ਮੁਤਾਬਕ ਮਿੰਨੀ ਸਕੱਤਰੇਤ ਵਿੱਚ ਹੋਈ ਮੀਟਿੰਗ ਦੌਰਾਨ ਵੀ ਅਧਿਕਾਰੀਆਂ ਨੇ ਕੋਈ ਮੰਗ ਸਵੀਕਾਰ ਨਹੀਂ ਕੀਤੀ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਹੁਣ ਪਿੰਡ-ਪਿੰਡ ਜਾ ਕੇ ਮਜ਼ਦੂਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ, ਕੰਮ ਦੀ ਲਿਖਤੀ ਮੰਗ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਪਹੁੰਚਣ ਵਾਲੇ AAP ਆਗੂਆਂ ਤੋਂ ਸਰਕਾਰ ਦੇ ਵਾਅਦਿਆਂ ਬਾਰੇ ਜਵਾਬ ਮੰਗਿਆ ਜਾਵੇਗਾ।

ਇਸ ਮੌਕੇ ਸੂਬਾ ਪ੍ਰਧਾਨ ਸੇਵਕ ਸਿੰਘ, ਅਮਰੀਕ ਸਿੰਘ ਮਹਿਰਾਜ, ਰਣਧੀਰ ਸਿੰਘ ਧੀਮਾਨ, ਸੰਜੀਵ ਕਾਕੜਾ, ਜੁਗਰਾਜ ਸਿੰਘ, ਸਰਤਾਜ ਸਿੰਘ, ਸੰਦੀਪ ਸਿੰਘ, ਹਰਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਵਿਜੇ ਕੁਮਾਰ, ਤੇਜ਼ ਵਰਿੰਦਰ ਸਿੰਘ, ਕੁਲਵੀਰ ਕੌਰ, ਗੌਰਵ ਸਿੰਘ ਅਤੇ ਨਿਤੇਸ਼ ਕੁਮਾਰ ਸਮੇਤ ਕਈ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ।