ਹੁਸ਼ਿਆਰਪੁਰ, 3 ਅਗਸਤ 2026 AJ DI Awaaj
Punjab Desk : ਆਉਣ ਵਾਲੇ ਦਿਨਾਂ ਵਿਚ ਮਾਤਾ ਚਿੰਤਪੁਰਨੀ ਜੀ ਦੇ ਮੇਲਿਆਂ ਦੇ ਮੱਦੇਨਜ਼ਰ ਵੱਖ-ਵੱਖ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ।
ਹੁਸ਼ਿਆਰਪੁਰ ਨਾਲ ਸਬੰਧਤ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮਾਤਾ ਚਿੰਤਪੁਰਨੀ ਦੇ ਮੇਲਿਆਂ ਮੌਕੇ ਲੋੜੀਂਦੇ ਪ੍ਰਬੰਧਾਂ ਬਾਰੇ ਚਰਚਾ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਲੈ ਕੇ ਜ਼ਿਲ੍ਹੇ ਦੀ ਹਦੂਦ ਅੰਦਰ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ’ਤੇ ਲਾਏ ਜਾਣ ਵਾਲੇ ਲੰਗਰਾਂ ਲਈ ਲੋੜੀਂਦੀਆਂ ਸਹੂਲਤਾਂ ਦੇ ਨਾਲ-ਨਾਲ ਸੁਚੱਜੀ ਸਫ਼ਾਈ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਆਵਾਜਾਈ ਪ੍ਰਬੰਧਾਂ ਬਾਰੇ ਰੱਖੇ ਮਾਮਲਿਆਂ ਨੂੰ ਕੌਮੀ ਰਾਜ ਮਾਰਗ ਅਥਾਰਟੀ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਉਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸੜਕਾਂ ਦੀ ਲੋੜੀਂਦੀ ਮੁਰੰਮਤ ਨੂੰ ਤਰਜ਼ੀਹ ਦੇ ਅਧਾਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਵਾਜਾਈ, ਸਫ਼ਾਈ, ਰਾਤ ਸਮੇਂ ਰੌਸ਼ਨੀ, ਲੰਗਰਾਂ ਵਾਲੀਆਂ ਥਾਵਾਂ ’ਤੇ ਬਿਜਲੀ ਸਪਲਾਈ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ ਤਾਂ ਜੋ ਸੰਗਤਾਂ ਨੂੰ ਇਹ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵੱਖ-ਵੱਖ ਪ੍ਰਬੰਧਾਂ ਦੇ ਨਾਲ-ਨਾਲ ਡਾਕਟਰੀ ਸਹਾਇਤਾ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਮੌਕੇ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਵੀ ਪੂਰੀ ਤਰਜ਼ੀਹ ਦਿੰਦਿਆਂ ਸ਼ਰਧਾਲੂਆਂ ਲਈ ਸੁਖਾਲੀ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ਦੇ ਕੰਢਿਆਂ ’ਤੇ ਸਫ਼ਾਈ ਵਿਵਸਥਾ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ ਜਿਸ ਨਾਲ ਸੰਗਤਾਂ ਨੂੰ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਜਾਣ ਮੌਕੇ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਸਮਾਗਮ ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਦੇ ਆਪਸੀ ਅਤੇ ਵਧੀਆ ਤਾਲਮੇਲ ਰਾਹੀਂ ਹੋਰ ਵੀ ਵਧੀਆ ਢੰਗ ਨਾਲ ਨੇਪਰੇ ਚਾੜ੍ਹੇ ਜਾ ਸਕਦੇ ਹਨ ਜਿਸ ਲਈ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਭਾਰੀ ਗਿਣਤੀ ਵਿਚ ਸੰਗਤ ਦੀ ਆਮਦ ਦੇ ਮੱਦੇਨਜ਼ਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪੁਲਿਸ ਅਧਿਕਾਰੀਆਂ ਨੂੰ ਸੁਚਾਰੂ ਟ੍ਰੈਫਿਕ ਵਿਵਸਥਾ ਬਾਰੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਡੀ ਗਿਣਤੀ ਵਿਚ ਸ਼ਰਧਾਲੂ ਪੈਦਲ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਜਾਂਦੇ ਹਨ ਜਿਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਵਿਚ ਪ੍ਰਵੇਸ਼ ਤੱਕ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਥੋਂ ਕਿਤੋਂ ਵੀ ਸੜਕਾਂ ਦੀ ਮੁਰੰਮਤ ਹੋਣ ਵਾਲੀ ਹੈ, ਉਥੇ ਬਿਨਾਂ ਦੇਰੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਉਹ ਸਮਰੱਥ ਅਥਾਰਟੀ ਨਾਲ ਗੱਲ ਕਰਕੇ ਮੇਲੇ ਵਾਲੇ ਦਿਨਾਂ ਦੌਰਾਨ ਵੱਡੇ ਵਾਹਨਾਂ ਦੀ ਆਵਾਜਾਈ ਨੂੰ ਵਾਇਆ ਬਾਈਪਾਸ ਲੰਘਾਉਣ ਦਾ ਬਦਲਵਾਂ ਪ੍ਰਬੰਧ ਕਰਨਗੇ। ਉਨ੍ਹਾਂ ਨੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸ਼ਰਧਾਲੂਆਂ ਦੀ ਸਹੂਲਤ ਲਈ ਜਿਥੇ ਢੁੱਕਵੇਂ ਇੰਤਜ਼ਾਮ ਅਮਲ ਵਿਚ ਲਿਆਵੇਗੀ, ਉਥੇ ਨਾਲ ਉਹ ਖੁਦ ਇਨ੍ਹਾਂ ਸਾਰੇ ਪ੍ਰਬੰਧਾਂ ਦੀ ਪਿਛਲੇ ਸਾਲਾਂ ਵਾਂਗ ਨਜ਼ਰਸਾਨੀ ਕਰਨਗੇ ਤਾਂ ਜੋ ਸ਼ਰਧਾਲੂਆਂ ਲਈ ਸੁਖਾਲੀ ਯਾਤਰਾ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ, ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਤੋਂ ਇਲਾਵਾ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਿਚ ਕ੍ਰਿਸ਼ਨ ਗੋਪਾਲ ਆਨੰਦ, ਭਾਰਤ ਭੂਸ਼ਨ ਵਰਮਾ, ਦਿਨੇਸ਼ ਚੰਦਰ, ਦਲਜੀਤ ਸਿੰਘ, ਦੀਪਕ ਮਹਿਰਾ, ਅਸ਼ਵਨੀ ਕੁਮਾਰ ਸ਼ਰਮਾ, ਮਨਮੋਹਨ ਭੱਟੀ, ਓਂਕਾਰ ਸੰਧੂ, ਰਾਜਨ ਸ਼ਰਮਾ, ਅਸ਼ੋਕ ਕੁਮਾਰ, ਪਰਮਜੀਤ, ਧਰਮਿੰਦਰ ਕੁਮਾਰ, ਵਿਕਰਮਜੀਤ, ਅਵਿਨਾਸ਼, ਰਜਿੰਦਰ ਰਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।



















