ਫਾਜ਼ਿਲਕਾ 6 ਅਗਸਤ 2026 AJ DI Awaaj
Punjab Desk : ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐੱਸ. ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਐਸ.ਆਈ.ਆਰ (ਸਪੈਸ਼ਲ ਇੰਟੈਸਿਵ ਰਿਵੀਜ਼ਨ) ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋਈ ਸੀ ਅਤੇ 12 ਅਕਤੂਬਰ ਤੱਕ ਚੱਲਣੀ ਹੈ। ਸਭ ਤੋਂ ਪਹਿਲਾ ਪੜਾਅ ‘ਹਾਊਸ-ਟੂ-ਹਾਉਸ ਐਨੁਮਰੇਸ਼ਨ ਦਾ ਸੀ, ਜੋ ਕਿ 3 ਅਗਸਤ ਨੂੰ ਜਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹੇ ਦੇ 829 ਬੀ.ਐਲ.ਓ., 90 ਸੁਪਰਵਾਈਜ਼ਰਜ਼, 04 ਈ.ਆਰ.ਓਜ਼ ਅਤੇ ਚੋਣ ਅਮਲੇ ਵੱਲੋਂ ਦਿਨ-ਰਾਤ ਮਿਹਨਤ ਕਰਕੇ ਇਸ ਕੰਮ ਨੂੰ ਮੁਕੰਮਲ ਕਰ ਲਿਆ ਹੈ। ਉਨ੍ਹਾਂ ਸਿਆਸੀ ਪਾਰਟੀਆਂ ਅਤੇ ਮੀਡੀਆ ਦੇ ਸਹਿਯੋਗ ਲਈ ਧੰਨਵਾਦ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੰਕੜੇ ਅਤੇ ਜ਼ਿਲ੍ਹੇਵਾਰ ਰਿਪੋਰਟ ਸਾਂਝੀ ਕਰਦਿਆ ਦੱਸਿਆ ਕਿ ਜਿਲ੍ਹੇ ਦੇ ਕੁੱਲ 7,76,163 ਵੋਟਰਾਂ ਵਿੱਚੋਂ 7,22,295 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਕੁੱਲ ਵੋਟਰਾਂ ਦਾ 93.06 ਪ੍ਰਤੀਸ਼ਤ ਬਣਦਾ ਹੈ। ਪੰਜਾਬ ਰਾਜ ਵਿੱਚ ਕੁੱਲ 20,66,636 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ, ਜਿਸ ਵਿਚੋਂ ਜ਼ਿਲ੍ਹਾ ਫਾਜ਼ਿਲਕਾ ਦੇ ਗਣਨਾ ਫਾਰਮ ਨਾ ਪ੍ਰਾਪਤ ਹੋਣ ਵਾਲੇ ਵੋਟਰਾਂ ਦੀ ਗਿਣਤੀ 53,868 ਹੈ। ਜਿਸ ਵਿੱਚ ਪ੍ਰਮੁੱਖ ਤੌਰ ‘ਤੇ 23,091 ਵੋਟਰਾਂ ਦੀ ਮੌਤ ਹੋ ਜਾਣ ਕਾਰਨ ਅਤੇ 21,427 ਵੋਟਰਾਂ ਵੱਲੋਂ ਆਪਣੀ ਰਿਹਾਇਸ਼ ਪੱਕੇ ਤੌਰ ‘ਤੇ ਹੋਰ ਸ਼ਹਿਰਾਂ/ਥਾਵਾਂ ‘ਤੇ ਸ਼ਿਫਟ ਹੋਣ ਕਰਕੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੌਰ ‘ਤੇ ਇਹ ਜਾਣਕਾਰੀ ਦਿੱਤੀ ਗਈ ਕਿ ਡਰਾਫਟ ਵੋਟਰ ਸੂਚੀ ਮਿਤੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਣੀ ਹੈ। ਜੇਕਰ ਡਰਾਫਟ ਵੋਟਰ ਸੂਚੀ ਵਿੱਚ ਕਿਸੇ ਵੋਟਰ ਦਾ ਨਾਮ ਦਰਜ ਨਹੀਂ ਹੈ ਤਾਂ ਉਹ 13 ਅਗਸਤ ਤੋਂ 12 ਸਤੰਬਰ (30 ਦਿਨ) ਤੱਕ ਆਪਣਾ ਫਾਰਮ ਨੰਬਰ 6 ਭਰ ਕੇ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਈਆਰਓ(ERO) ਜਾਂ ਆਪਣੇ ਬੂਥ ਲੈਵਲ ਅਫ਼ਸਰ ਕੋਲ ਦੁਬਾਰਾ ਦਾਅਵਾ ਪੇਸ਼ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਮਿਤੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਡਰਾਫਟ ਵੋਟਰ ਸੂਚੀ ਦੀ ਕਾਪੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲੱਬਧ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਹਨਾਂ ਵੋਟਰਾਂ ਦੀ ਵੋਟ ਅਨਮੈਪਡ (Unmapped) ਰਹਿ ਗਈ ਹੈ, ਜੋ ਕਿ ਸਿਰਫ਼ 30,531 ਹਨ, ਨੂੰ 13 ਅਗਸਤ ਤੋਂ ਨੋਟਿਸ ਭੇਜੇ ਜਾਣਗੇ। ਜਿਹਨਾਂ ਵੋਟਰਾਂ ਨੂੰ ਨੋਟਿਸ ਜਾਵੇਗਾ, ਉਹ ਨੋਟਿਸ ਦੇ ਜੁਆਬ ਵਜੋਂ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕੀਤੇ 12 ਦਸਤਾਵੇਜਾਂ ਦੀ ਸੂਚੀ ਵਿੱਚੋਂ ਕੋਈ ਵੀ ਦਸਤਾਵੇਜ ਜਿਵੇਂ ਕਿ ਜਨਮ ਸਰਟੀਫਿਕੇਟ ਜਾਂ ਵਿਦਿਅਕ ਯੋਗਤਾ ਦਾ ਸਰਟੀਫਿਕੇਟ ਆਦਿ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਪਾਸ ਜਮ੍ਹਾ ਕਰਵਾ ਸਕਦੇ ਹਨ ਅਤੇ ਇਸ ਉਪਰੰਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸੁਣਵਾਈ ਕਰਕੇ ਆਪਣਾ ਆਰਡਰ ਪਾਸ ਕਰਨਗੇ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਵਿੱਚ ਪਹਿਲਾਂ 829 ਪੋਲਿੰਗ ਬੂਥ ਸਨ ਅਤੇ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਉਪਰੰਤ ਹੁਣ ਜ਼ਿਲ੍ਹੇ ਵਿੱਚ 69 ਪੋਲਿੰਗ ਬੂਥ ਵੱਧ ਗਏ ਹਨ ਅਤੇ ਹੁਣ 898 ਪੋਲਿੰਗ ਬੂਥਾਂ ਦੀ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪ੍ਰਵਾਨਗੀ ਪ੍ਰਾਪਤ ਹੋ ਚੁੱਕੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਜਿਲ੍ਹਾ ਵਾਸੀਆਂ, ਰਾਜਨੀਤਕ ਪਾਰਟੀਆਂ ਦੇ ਨੁਮਾਂਇੰਦਿਆਂ ਅਤੇ ਮੀਡੀਆ ਸਾਥੀਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਦੇ ਅਗਲੇ ਪੜਾਅ ਵਿੱਚ ਵੀ ਪਹਿਲਾਂ ਦੀ ਤਰ੍ਹਾਂ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।



















