ਮਾਤਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਕੀਤੀ ਵਿਸ਼ੇਸ਼ ਜਾਂਚ

35
ਸ੍ਰੀ ਅਨੰਦਪੁਰ ਸਾਹਿਬ 10 ਅਗਸਤ 2026 AJ DI Awaaj
Punjab Desk : ਸਿਹਤ ਵਿਭਾਗ ਪੰਜਾਬ ਵੱਲੋਂ ਸਿਵਲ ਸਰਜਨ ਰੂਪਨਗਰ ਡਾ. ਬੌਬੀ ਗੁਲਾਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਕੇ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਸਾਵਧਾਨੀਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਔਰਤਾਂ ਦੇ ਰੋਗਾਂ ਦੇ ਮਾਹਿਰ ਡਾ.ਸੁਨੈਨਾ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਇਸ ਦੌਰਾਨ ਬਲੱਡ ਪ੍ਰੈਸ਼ਰ, ਖੂਨ, ਭਾਰ, ਸ਼ੂਗਰ ਸਮੇਤ ਹੋਰ ਜ਼ਰੂਰੀ ਜਾਂਚਾਂ ਕੀਤੀਆਂ ਜਾਂਦੀਆਂ ਹਨ। ਲੋੜ ਅਨੁਸਾਰ ਮਾਹਿਰ ਡਾਕਟਰਾਂ ਵੱਲੋਂ ਸਲਾਹ, ਇਲਾਜ ਅਤੇ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਡਾ.ਸੁਨੈਨਾ ਗੁਪਤਾ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਨਿਯਮਤ ਸਿਹਤ ਜਾਂਚ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਲਈ ਬੇਹੱਦ ਮਹੱਤਵਪੂਰਨ ਹੈ। ਹਾਈ ਬਲੱਡ ਪ੍ਰੈਸ਼ਰ, ਅਨੀਮੀਆ, ਸ਼ੂਗਰ ਅਤੇ ਹੋਰ ਉੱਚ-ਖ਼ਤਰੇ ਵਾਲੀਆਂ ਸਥਿਤੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਸੰਭਾਵਿਤ ਜਟਿਲਤਾਵਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਮਾਂ ਤੇ ਬੱਚੇ ਦੀ ਸੁਰੱਖਿਆ ਲਈ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾ ਸਕਦੇ ਹਨ।
ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਹਰ ਮਹੀਨੇ ਦੀ 9 ਤਾਰੀਖ ਨੂੰ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਪਹੁੰਚ ਕੇ ਆਪਣੀ ਗਰਭ ਅਵਸਥਾ ਦੀ ਜਾਂਚ ਜ਼ਰੂਰ ਕਰਵਾਉਣ ਅਤੇ ਡਾਕਟਰਾਂ ਵੱਲੋਂ ਦਿੱਤੀਆਂ ਸਿਹਤ ਸਬੰਧੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਇਸ ਮੌਕੇ ਡਾ. ਅਪਰਾਜਿਤਾ ਧਰਮਾਣੀ, ਸੀਮਾ ਦੇਵੀ ਐਲ.ਐਚ.ਵੀ., ਕੁਲਵਿੰਦਰ ਕੌਰ ਏ.ਐਨ.ਐਮ. ਅਤੇ ਸਮੂਹ ਆਸ਼ਾ ਵਰਕਰ ਵੀ ਹਾਜ਼ਰ ਸਨ।