ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਗਿਆ ‘ਡੀ-ਵਰਮਿੰਗ ਡੇ

3

ਬਰਨਾਲਾ,10 ਅਗਸਤ 2026 AJ DI Awaaj

Punjab Desk :   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ‘ਡੀ-ਵਰਮਿੰਗ ਡੇ’ ਮਨਾਇਆ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਡੀ-ਵਰਮਿੰਗ ਦਿਵਸ ਬੱਚਿਆਂ ਨੂੰ ਅੰਤੜੀਆਂ ਦੇ ਕੀੜਿਆਂ ਤੋਂ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀ ਸਿਹਤ, ਪੋਸ਼ਣ ਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਬਹੁਤ ਹੀ ਮਹੱਤਵਪੂਰਨ ਮੁਹਿੰਮ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਵਿੱਚ ਖ਼ੂਨ ਦੀ ਕਮੀ (ਐਨੀਮੀਆ) ਦਾ ਇੱਕ ਵੱਡਾ ਕਾਰਨ ਪੇਟ ਦੇ ਕੀੜੇ ਹੁੰਦੇ ਹਨ, ਜਿਸ ਨਾਲ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਵਾਧਾ ਰੁਕ ਜਾਂਦਾ ਹੈ।
ਮੁਹਿੰਮ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਆਏ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੇਟ ਦੇ ਕੀੜੇ ਪੈਣ ਦੇ ਕਾਰਨਾਂ, ਹੱਥ ਧੋਣ ਦੀ ਸਹੀ ਵਿਧੀ ਅਤੇ ਐਲਬੈਂਡਾਜ਼ੋਲ ਦੀ ਗੋਲੀ ਖਾਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨੰਗੇ ਪੈਰ ਤੁਰਨ, ਹੱਥਾਂ ਦੀ ਸਫ਼ਾਈ ਨਾ ਰੱਖਣ ਅਤੇ ਹੋਰ ਅਣਗਹਿਲੀਆਂ ਕਰਕੇ ਬੱਚਿਆਂ ਦੇ ਪੇਟ ਵਿੱਚ ਕੀੜੇ ਪੈਦਾ ਹੋ ਜਾਂਦੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ ਅਤੇ ਪਖਾਣੇ/ਸ਼ੌਚਾਲਯ ਜਾਣ ਤੋਂ ਬਾਅਦ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ। ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖ ਕੇ ਅਤੇ ਸਮੇਂ-ਸਮੇਂ ‘ਤੇ ਐਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ।