ਅੰਗਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ- ਡਾ. ਹਰਪ੍ਰੀਤ ਕੌਰ

25

ਨੂਰਪੁਰ ਬੇਦੀ 11 ਅਗਸਤ 2026 AJ DI Awaaj

Punjab Desk   : ਸੀਨੀਅਰ ਮੈਡੀਕਲ ਅਫਸਰ ਡਾ. ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਪੀ.ਐਚ.ਸੀ. ਨੂਰਪੁਰ ਬੇਦੀ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਅੰਗਦਾਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਲੋਕਾਂ ਨੂੰ ਅੰਗਦਾਨ ਦੀ ਮਹੱਤਤਾ, ਇਸ ਨਾਲ ਜੁੜੇ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਅਤੇ ਇਸ ਦੇ ਸਮਾਜਿਕ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

     ਇਸ ਮੌਕੇ ਡਾ.ਹਰਪ੍ਰੀਤ ਕੌਰ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਪੀ.ਐਚ.ਸੀ. ਨੂਰਪੁਰ ਬੇਦੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਗਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਗੁਰਦੇ, ਜਿਗਰ, ਦਿਲ, ਅੱਖਾਂ ਸਮੇਤ ਹੋਰ ਅੰਗ ਦਾਨ ਕਰਕੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਅੰਗਾਂ ਦੀ ਲੋੜ ਬਹੁਤ ਜ਼ਿਆਦਾ ਹੈ, ਜਦਕਿ ਅੰਗਦਾਨ ਕਰਨ ਵਾਲਿਆਂ ਦੀ ਗਿਣਤੀ ਮੁਕਾਬਲਤਨ ਘੱਟ ਹੈ।

     ਡਾ.ਹਰਪ੍ਰੀਤ ਕੌਰ ਨੇ ਕਿਹਾ ਕਿ ਸਮਾਜ ਵਿੱਚ ਅੰਗਦਾਨ ਸਬੰਧੀ ਕਈ ਗਲਤ ਧਾਰਨਾਵਾਂ ਅਤੇ ਵਹਿਮ-ਭਰਮ ਮੌਜੂਦ ਹਨ, ਜਿਨ੍ਹਾਂ ਨੂੰ ਜਾਗਰੂਕਤਾ ਰਾਹੀਂ ਦੂਰ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੰਗਦਾਨ ਲਈ ਵੱਧ ਤੋਂ ਵੱਧ ਆਪਣੀ ਸਹਿਮਤੀ ਦਰਜ ਕਰਵਾਉਣ ਅਤੇ ਹੋਰਨਾਂ ਨੂੰ ਵੀ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨ, ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਜੀਵਨਦਾਨ ਮਿਲ ਸਕੇ।

     ਉਨ੍ਹਾਂ ਦੱਸਿਆ ਕਿ ਪੀ.ਐਚ.ਸੀ. ਨੂਰਪੁਰ ਬੇਦੀ ਵਿਖੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਅੰਗਦਾਨ ਲਈ ਆਪਣੀ ਸਹਿਮਤੀ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਫੈਸਲੇ ਬਾਰੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਣੂ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਲੋੜ ਪੈਣ ’ਤੇ ਉਨ੍ਹਾਂ ਦੀ ਇੱਛਾ ਦਾ ਸਤਿਕਾਰ ਕੀਤਾ ਜਾ ਸਕੇ। ਇਸ ਮੌਕੇ ਡਾ.ਅਮਨ ਮੈਡੀਕਲ ਅਫਸਰ, ਸੁਨੀਲ ਦੇਵੀ ਬੀ.ਈ.ਈ., ਗੁਰਵਿੰਦਰ ਕੌਰ ਐਲ.ਐਚ.ਵੀ., ਮੀਨਾ ਰਾਣੀ ਅਤੇ ਕੁਲਵਿੰਦਰ ਕੌਰ ਸਟਾਫ ਨਰਸ ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।