ਚੰਡੀਗੜ੍ਹ: 11 Aug 2026 AJ DI Awaaj
Chandigarh Desk : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਸਾਹਮਣੇ ਆਉਂਦਾ ਨਜ਼ਰ ਆ ਰਿਹਾ ਹੈ। ਸੂਤਰਾਂ ਮੁਤਾਬਕ, ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਤੋਂ ਬਾਅਦ ਕਾਂਗਰਸ ਦੇ 15 ਵਿਧਾਇਕਾਂ ਨੇ ਪਾਰਟੀ ਹਾਈਕਮਾਂਡ ਨੂੰ ਸਾਂਝੀ ਚਿੱਠੀ ਭੇਜ ਕੇ ਸੂਬੇ ਵਿੱਚ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਸਮਾਂ ਵੀ ਮੰਗਿਆ ਹੈ।
ਜਾਣਕਾਰੀ ਅਨੁਸਾਰ, ਵਿਧਾਇਕਾਂ ਤੋਂ ਦਸਤਖ਼ਤ ਕਰਵਾਉਣ ਲਈ ਇੱਕ ਖਾਸ ਫਾਰਮੈਟ ਤਿਆਰ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਦੇ ਨਾਮ ਅਤੇ ਵਿਧਾਨ ਸਭਾ ਹਲਕਿਆਂ ਲਈ ਵੱਖ-ਵੱਖ ਖਾਨੇ ਬਣਾਏ ਗਏ ਸਨ। ਦਸਤਖ਼ਤਾਂ ਤੋਂ ਬਾਅਦ ਇਹ ਸਾਂਝੀ ਚਿੱਠੀ ਪਾਰਟੀ ਹਾਈਕਮਾਂਡ ਤੱਕ ਪਹੁੰਚਾਈ ਗਈ।
ਸੂਤਰਾਂ ਦਾ ਦਾਅਵਾ ਹੈ ਕਿ ਪਿਛਲੇ ਦਿਨਾਂ ਦੌਰਾਨ ਪਾਰਟੀ ਦੇ ਵੱਖ-ਵੱਖ ਸਮਾਗਮਾਂ ਵਿੱਚ ਟਿਕਟਾਂ ਦੀ ਵੰਡ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਲੈ ਕੇ ਹੋਈ ਬਿਆਨਬਾਜ਼ੀ ਕਾਰਨ ਵਿਧਾਇਕਾਂ ਵਿੱਚ ਨਾਰਾਜ਼ਗੀ ਵਧੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹੇ ਜਨਤਕ ਬਿਆਨਾਂ ਨਾਲ ਪੰਜਾਬ ਵਿੱਚ ਕਾਂਗਰਸ ਦੀ ਛਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਪਾਰਟੀ ਵਰਕਰਾਂ ਵਿੱਚ ਵੀ ਭੰਬਲਭੂਸਾ ਪੈਦਾ ਹੋ ਰਿਹਾ ਹੈ।
ਵਿਧਾਇਕਾਂ ਨੇ ਹਾਈਕਮਾਂਡ ਤੋਂ ਮਾਮਲੇ ਵਿੱਚ ਦਖ਼ਲ ਦੇਣ ਅਤੇ ਪਾਰਟੀ ਅੰਦਰਲੇ ਮਸਲਿਆਂ ਨੂੰ ਸੁਲਝਾਉਣ ਦੀ ਮੰਗ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਅੰਦਰੂਨੀ ਮਤਭੇਦਾਂ ਨੂੰ ਲੈ ਕੇ ਕੀ ਕਦਮ ਚੁੱਕਿਆ ਜਾਂਦਾ ਹੈ।



















