ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

4

ਚੰਡੀਗੜ੍ਹ, 12 ਅਗਸਤ 2026 Aj Di Awaaj

Punjab Desk:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ।

ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।