ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ ਦਾ ਦੂਜਾ ਪੜਾਅ

4

ਬਰਨਾਲਾ , 12 ਅਗਸਤ 2026 AJ DI Awaaj

Punjab Desk :  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ (ਐਸ.ਆਈ.ਆਰ.) ਦੇ ਦੂਜੇ ਪੜਾਅ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਟ੍ਰੇਨਿੰਗ ਹਾਲ ਵਿੱਚ ਮਾਸਟਰ ਟਰੇਨਰਾਂ ਵੱਲੋਂ ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰਾਂ (1 ਤੇ 2) ਵਧੀਕ ਸਹਾਇਕ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰਾਂ ਅਤੇ ਦੂਜੇ ਪੜਾਅ ਵਿੱਚ ਸੇਵਾਵਾਂ ਨਿਭਾਅ ਰਹੇ ਹੋਰ ਸਟਾਫ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਧਾਈ ਪ੍ਰਕਿਰਿਆ ਦੇ ਦੂਜੇ ਪੜਾਅ ਤਹਿਤ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ (ਡਰਾਫ਼ਟ ਵੋਟਰ ਸੂਚੀ) ਭਲਕੇ 13 ਅਗਸਤ ਨੂੰ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ‘ਅਨ-ਮੈਪਡ’ ਵੋਟਰਾਂ ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਜਮ੍ਹਾਂ ਕਰਵਾਏ ਜਾਣ ਵਾਲੇ ਦਸਤਾਵੇਜ਼ਾਂ ਦੀ ਪੜਤਾਲ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ।
ਚੋਣ ਸ਼ਡਿਊਲ ਬਾਰੇ ਵਿਸਥਾਰਪੂਰਵਕ ਦੱਸਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ 13 ਅਗਸਤ ਤੋਂ 12 ਸਤੰਬਰ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ 13 ਅਗਸਤ ਤੋਂ 8 ਅਕਤੂਬਰ ਤੱਕ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 12 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।