ਅੰਬਾਲਾ ਵਿੱਚ ਸਿੱਖ ਸੰਗਤ ’ਤੇ ਲਾਠੀਚਾਰਜ ਦੀ ਜਥੇਦਾਰ ਵੱਲੋਂ ਨਿੰਦਾ

3

ਸ੍ਰੀ ਅੰਮ੍ਰਿਤਸਰ, 14 ਅਗਸਤ 2026 AJ DI Awaaj

Punjab Desk : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿੱਚ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਅਤੇ ਸਿੱਖ ਨੁਮਾਇੰਦਿਆਂ ਵਿਚਾਲੇ ਗੱਲਬਾਤ ਚੱਲ ਰਹੀ ਸੀ ਤਾਂ ਅਚਾਨਕ ਬਲ ਦੀ ਵਰਤੋਂ ਕਰਨਾ ਮੰਦਭਾਗਾ ਹੈ।

ਜਥੇਦਾਰ ਨੇ ਦੱਸਿਆ ਕਿ ਘਟਨਾ ਦੌਰਾਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਮੈਂਬਰਾਂ, ਮੁਲਾਜ਼ਮਾਂ, ਸਿੱਖ ਸੰਗਤ ਅਤੇ ਪੁਲਿਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਉਨ੍ਹਾਂ ਫ਼ੋਨ ’ਤੇ ਜਗਦੀਸ਼ ਸਿੰਘ ਝੀਂਡਾ ਨਾਲ ਗੱਲ ਕਰਕੇ ਉਨ੍ਹਾਂ ਦੀ ਸਿਹਤ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਮਲਾ ਗੱਲਬਾਤ ਰਾਹੀਂ ਸ਼ਾਂਤੀਪੂਰਵਕ ਹੱਲ ਕੀਤਾ ਜਾ ਸਕਦਾ ਸੀ। ਉਨ੍ਹਾਂ ਘਟਨਾ ਦੀ ਜਾਂਚ ਦੀ ਮੰਗ ਕਰਦਿਆਂ ਇਹ ਵੀ ਕਿਹਾ ਕਿ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਧਰਨੇ ਦੌਰਾਨ ਕਿਸੇ ਸ਼ਰਾਰਤੀ ਅਨਸਰ ਨੇ ਮਾਹੌਲ ਖਰਾਬ ਕਰਨ ਜਾਂ ਪੁਲਿਸ ਨੂੰ ਉਕਸਾਉਣ ਦੀ ਕੋਸ਼ਿਸ਼ ਤਾਂ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸਿੱਖ ਸੰਗਤ ਨਾਲ ਵਾਪਰੀ ਪਿਛਲੀ ਘਟਨਾ ਵਿੱਚ ਕਥਿਤ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਮੌਜੂਦਾ ਤਣਾਅ ਤੋਂ ਬਚਿਆ ਜਾ ਸਕਦਾ ਸੀ।

ਜਥੇਦਾਰ ਨੇ ਹਰਿਆਣਾ ਸਰਕਾਰ ਨੂੰ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਨ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਦੀ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਆਗੂਆਂ ਨਾਲ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਇਕਜੁੱਟ ਰਹਿਣ ਅਤੇ ਆਪਣੇ ਸੰਘਰਸ਼ ਨੂੰ ਸ਼ਾਂਤਮਈ ਤੇ ਅਨੁਸ਼ਾਸਿਤ ਢੰਗ ਨਾਲ ਜਾਰੀ ਰੱਖਣ ਦੀ ਅਪੀਲ ਕੀਤੀ।