ਫਰੀਦਕੋਟ, 14 ਅਗਸਤ 2026 AJ DI Awaaj
Punjab Desk : ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੀਆਂ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਯੁਵਕ ਸੇਵਾਵਾਂ ਵਿਭਾਗ, ਫਰੀਦਕੋਟ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਅਰੁਣ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਫਰੀਦਕੋਟ ਦੀ ਅਗਵਾਈ ਹੇਠ ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਵਿਖੇ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਨੋਡਲ ਅਫਸਰਾਂ ਅਤੇ ਪੀਅਰ ਐਜੂਕੇਟਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਸ਼ਿਲਪਾ ਅਰੋੜਾ, ਪ੍ਰੋਫੈਸਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਨੇ ਨੌਜਵਾਨਾਂ ਨੂੰ ਏਡਜ਼ ਵਰਗੀਆਂ ਭਿਆਨਕ ਬਿਮਾਰੀਆਂ ਦੇ ਕਾਰਨਾਂ, ਬਚਾਅ ਅਤੇ ਇਸ ਨਾਲ ਸਬੰਧਤ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਮਾਜ ਨੂੰ ਏਡਜ਼ ਤੋਂ ਪੀੜਤ ਵਿਅਕਤੀਆਂ ਪ੍ਰਤੀ ਨਫ਼ਰਤ ਜਾਂ ਭੇਦਭਾਵ ਨਹੀਂ ਕਰਨਾ ਚਾਹੀਦਾ, ਸਗੋਂ ਉਨ੍ਹਾਂ ਪ੍ਰਤੀ ਵੱਧ ਤੋਂ ਵੱਧ ਹਮਦਰਦੀ ਅਤੇ ਸਹਿਯੋਗ ਦੀ ਭਾਵਨਾ ਰੱਖਣੀ ਚਾਹੀਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਏਡਜ਼ ਸਬੰਧੀ ਲੱਛਣਾਂ, ਇਲਾਜ ਅਤੇ ਬਚਾਅ ਬਾਰੇ ਵੀ ਜਾਗਰੂਕ ਕੀਤਾ।
ਇਸ ਮੌਕੇ ਦੂਜੇ ਮੁੱਖ ਬੁਲਾਰੇ ਸ. ਹਰਵਿੰਦਰ ਸਿੰਘ ਰੋਡੇ, ਸਮਾਜ ਸੇਵੀ ਅਤੇ ਉੱਘੇ ਲੇਖਕ ਨੇ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਸਮੱਸਿਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪੜ੍ਹੇ-ਲਿਖੇ ਅਤੇ ਸੂਝਵਾਨ ਨੌਜਵਾਨਾਂ ਨੂੰ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾ ਸਕੇ।
ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਡਾ. ਪੂਜਾ ਭੱਲਾ, ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਏਡਜ਼ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਸ੍ਰੀ ਅਰੁਣ ਕੁਮਾਰ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਫਰੀਦਕੋਟ ਨੇ ਸਾਰੇ ਕਾਲਜਾਂ ਦੇ ਨੋਡਲ ਅਫਸਰਾਂ ਦਾ ਧੰਨਵਾਦ ਕੀਤਾ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੇ ਰੈੱਡ ਰਿਬਨ ਕਲੱਬਾਂ ਵੱਲੋਂ ਨਸ਼ਿਆਂ, ਐਚ.ਆਈ.ਵੀ./ਏਡਜ਼, ਟੀ.ਬੀ. ਤੋਂ ਬਚਾਅ ਅਤੇ ਖੂਨਦਾਨ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਲ 2026-27 ਦੌਰਾਨ ਰੈੱਡ ਰਿਬਨ ਕਲੱਬਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ ਗਈ।
ਇਸ ਮੌਕੇ ਵੱਖ-ਵੱਖ ਕਾਲਜਾਂ ਤੋਂ ਪ੍ਰੋ. ਗਗਨਦੀਪ ਸਿੰਘ, ਮੈਡਮ ਅਨੁਭਵੀ, ਮੈਡਮ ਪਰਮਿੰਦਰ ਕੌਰ, ਪ੍ਰੋ. ਸੁਖਵੀਰ ਕੌਰ, ਡਾ. ਤਨਿਸ਼ਕ ਮੌਂਗਾ, ਸ. ਨਿਰਮਲ ਸਿੰਘ, ਡਾ. ਕੰਵਰਜੀਤ ਸਿੰਘ, ਮੈਡਮ ਅਲਕਾ, ਪਿਆਰੀ ਕੌਰ, ਡਾ. ਹਰਮਨਪ੍ਰੀਤ ਸਿੰਘ, ਪ੍ਰੋ. ਜਗਰਾਜ ਸਿੰਘ ਅਤੇ ਹੋਰ ਨੋਡਲ ਅਫਸਰਾਂ ਨੇ ਸ਼ਮੂਲੀਅਤ ਕੀਤੀ।
ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕਾਲਜ ਦੇ ਨੋਡਲ ਅਫਸਰ ਸ. ਸੁਖਜੀਤ ਸਿੰਘ, ਸ. ਬੂਟਾ ਸਿੰਘ, ਸ. ਨਛੱਤਰ ਸਿੰਘ ਅਤੇ ਮੈਡਮ ਕਿਰਨ ਬਾਲਾ ਤੋਂ ਇਲਾਵਾ ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਮੈਡਮ ਨੀਨਾ ਰਾਣੀ ਨੇ ਵਿਸ਼ੇਸ਼ ਸਹਿਯੋਗ ਦਿੱਤਾ।

















