ਰੂਪਨਗਰ, 17 ਅਗਸਤ 2026 AJ DI Awaaj
Punjab Desk : ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਸ. ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ 33 ਫ਼ੀਸਦੀ, ਵੱਧ ਤੋਂ ਵੱਧ 9 ਲੱਖ 90 ਹਜ਼ਾਰ ਰੁਪਏ ਤੱਕ ਦੀ ਸਬਸਿਡੀ ’ਤੇ ਰੋਜ਼ਾਨਾ 10 ਟਨ ਸਮਰੱਥਾ ਵਾਲੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ ਮੁੜ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਿਰਫ਼ ਤੇਲ ਕੱਢਣ ਵਾਲੇ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਲਾਗਤ ’ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਸਕੀਮ ਦੀਆਂ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਵਾਲੇ ਯੋਗ ਕਿਸਾਨ, ਕਿਸਾਨ ਉਤਪਾਦਕ ਸੰਸਥਾਵਾਂ, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉਦਮੀ ਇਸ ਲਈ ਅਰਜ਼ੀ ਦੇ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇੱਛੁਕ ਬਿਨੈਕਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ 26 ਅਗਸਤ 2026 ਤੱਕ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ, ਰੂਪਨਗਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪ੍ਰਾਪਤ ਅਰਜ਼ੀਆਂ ਦੀ ਗਿਣਤੀ ਨਿਰਧਾਰਤ ਟੀਚੇ ਤੋਂ ਵੱਧ ਹੁੰਦੀ ਹੈ ਤਾਂ ਲਾਭਪਾਤਰੀਆਂ ਦੀ ਚੋਣ ਲਈ ਤੇਲ ਬੀਜ ਮਿਸ਼ਨ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦਾ ਫ਼ੈਸਲਾ ਅੰਤਿਮ ਹੋਵੇਗਾ। ਉਨ੍ਹਾਂ ਜ਼ਿਲ੍ਹੇ ਦੇ ਯੋਗ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਇਸ ਲਾਭਦਾਇਕ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀਆਂ ਅਰਜ਼ੀਆਂ ਨਿਰਧਾਰਤ ਮਿਤੀ ਤੱਕ ਸਮੇਂ ਸਿਰ ਜਮ੍ਹਾਂ ਕਰਵਾਉਣ।



















