ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ

3
ਰੂਪਨਗਰ, 20 ਅਗਸਤ 2026 AJ DI Awaaj
Punjab Desk : ਡੀ.ਏ.ਵੀ. ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਗੰਭੀਰ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਸਬੰਧੀ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਐਚ.ਪੀ.ਵੀ. ਵੈਕਸੀਨ ਦੀ ਮਹੱਤਤਾ, ਇਸ ਨਾਲ ਜੁੜੀਆਂ ਗਲਤ ਧਾਰਣਾਵਾਂ ਅਤੇ ਇਸ ਦੇ ਸਿਹਤ ਸਬੰਧੀ ਲਾਭਾਂ ਬਾਰੇ ਵਿਗਿਆਨਕ ਅਤੇ ਤੱਥ-ਅਧਾਰਿਤ ਜਾਣਕਾਰੀ ਪ੍ਰਦਾਨ ਕਰਨਾ ਸੀ।
ਇਸ ਮੌਕੇ ਰਾਜ ਪੱਧਰ ਤੋਂ ਮੁੱਖ ਬੁਲਾਰੇ ਵਜੋਂ ਪਹੁੰਚੇ ਡਾ. ਈਸ਼ਿਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਚ.ਪੀ.ਵੀ. ਵੈਕਸੀਨ ਸਬੰਧੀ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਅਤੇ ਗਲਤ ਧਾਰਣਾਵਾਂ ਪ੍ਰਚਲਿਤ ਹਨ, ਜਿਸ ਕਾਰਨ ਕੁਝ ਲੋਕ ਵੈਕਸੀਨ ਲਗਵਾਉਣ ਤੋਂ ਹਿਚਕਚਾਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫ਼ਵਾਹਾਂ ਦੀ ਬਜਾਏ ਸਿਹਤ ਵਿਭਾਗ ਅਤੇ ਮਾਹਿਰਾਂ ਵੱਲੋਂ ਦਿੱਤੀ ਜਾਂਦੀ ਸਹੀ ਜਾਣਕਾਰੀ ’ਤੇ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਲਗਭਗ 60 ਹਜ਼ਾਰ ਬੱਚੀਆਂ ਨੂੰ ਐਚ.ਪੀ.ਵੀ. ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਕਿਸੇ ਗੰਭੀਰ ਪ੍ਰਤੀਕੂਲ ਪ੍ਰਭਾਵ ਦੀ ਰਿਪੋਰਟ ਸਾਹਮਣੇ ਨਹੀਂ ਆਈ। ਉਨ੍ਹਾਂ ਮਾਪਿਆਂ ਨੂੰ ਆਪਣੀਆਂ ਬੱਚੀਆਂ ਦੀ ਵੈਕਸੀਨੇਸ਼ਨ ਸਬੰਧੀ ਸਿਹਤ ਮਾਹਿਰਾਂ ਤੋਂ ਸਹੀ ਜਾਣਕਾਰੀ ਲੈ ਕੇ ਸਮੇਂ ਸਿਰ ਫ਼ੈਸਲਾ ਕਰਨ ਦੀ ਅਪੀਲ ਕੀਤੀ।
ਡਾ. ਈਸ਼ਿਤਾ ਨੇ ਦੱਸਿਆ ਕਿ ਐਚ.ਪੀ.ਵੀ. ਵਾਇਰਸ ਸਰਵਾਈਕਲ ਕੈਂਸਰ ਸਮੇਤ ਕੁਝ ਹੋਰ ਕੈਂਸਰਾਂ ਦਾ ਕਾਰਨ ਬਣ ਸਕਦਾ ਹੈ ਅਤੇ ਐਚ.ਪੀ.ਵੀ. ਵੈਕਸੀਨ ਇਸ ਵਾਇਰਸ ਤੋਂ ਬਚਾਅ ਲਈ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਸਬੰਧੀ ਉਮਰ, ਖੁਰਾਕ ਅਤੇ ਯੋਗਤਾ ਬਾਰੇ ਮਾਪਿਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨੀ ਚਾਹੀਦੀ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ, ਸਾਫ਼-ਸਫ਼ਾਈ ਦੀਆਂ ਚੰਗੀਆਂ ਆਦਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਿਹਤ ਸਬੰਧੀ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਟੀਕਾਕਰਨ ਪ੍ਰੋਗਰਾਮਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਹੀ ਅਤੇ ਭਰੋਸੇਯੋਗ ਜਾਣਕਾਰੀ ਹੀ ਸਿਹਤ ਦੀ ਸੁਰੱਖਿਆ ਲਈ ਸਭ ਤੋਂ ਮਹੱਤਵਪੂਰਨ ਆਧਾਰ ਹੈ।
ਸਕੂਲ ਦੀ ਪ੍ਰਿੰਸੀਪਲ ਸੰਗੀਤਾ ਰਾਣੀ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਵਰਕਸ਼ਾਪਾਂ ਨਾਲ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਦੀ ਹੈ ਅਤੇ ਉਹ ਆਪਣੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਸਹੀ ਜਾਣਕਾਰੀ ਦੇ ਸਕਦੇ ਹਨ। ਅਧਿਆਪਕ ਅਸ਼ੋਕ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਵਰਕਸ਼ਾਪ ਦੌਰਾਨ ਪ੍ਰਾਪਤ ਜਾਣਕਾਰੀ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰਿਤੂ, ਮਨਪ੍ਰੀਤ ਸਿੰਘ ਅਤੇ ਕੌਂਸਲਰ ਪ੍ਰਭਜੋਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਚ.ਪੀ.ਵੀ. ਵੈਕਸੀਨ ਸਬੰਧੀ ਫੈਲ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਸਹੀ ਜਾਣਕਾਰੀ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਵਰਕਸ਼ਾਪ ਦੌਰਾਨ ਵਿਦਿਆਰਥੀਆਂ ਲਈ ਐਚ.ਪੀ.ਵੀ. ਵੈਕਸੀਨ ਦੀ ਮਹੱਤਤਾ ਸਬੰਧੀ ਵਿਸ਼ੇਸ਼ ਲੈਕਚਰ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਇਸ ਵਿਸ਼ੇ ’ਤੇ ਚਾਰਟ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੈਕਸੀਨ ਸਬੰਧੀ ਆਪਣੀ ਸਮਝ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਮਾਪਿਆਂ ਅਤੇ ਆਸ-ਪਾਸ ਦੇ ਲੋਕਾਂ ਤੱਕ ਐਚ.ਪੀ.ਵੀ. ਵੈਕਸੀਨ ਸਬੰਧੀ ਸਹੀ ਅਤੇ ਭਰੋਸੇਯੋਗ ਜਾਣਕਾਰੀ ਪਹੁੰਚਾਉਣ ਅਤੇ ਸਮਾਜ ਵਿੱਚ ਫੈਲ ਰਹੀਆਂ ਗਲਤ ਧਾਰਣਾਵਾਂ ਨੂੰ ਦੂਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਐਲ.ਐਚ.ਵੀ. ਰਜਿੰਦਰ ਕੌਰ, ਏ.ਐਨ.ਐਮ. ਭੁਪਿੰਦਰ ਕੌਰ, ਆਸ਼ਾ ਵਰਕਰਾਂ, ਸਿਹਤ ਵਿਭਾਗ ਦਾ ਸਟਾਫ਼, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।