ਪੰਜਾਬ 20 Aug 2026 AJ DI Awaaj
Punjab Desk : ਪੰਜਾਬ ਵਿੱਚ ਮੌਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ 20 ਅਤੇ 21 ਅਗਸਤ ਨੂੰ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ। ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਪੰਜਾਬ ਦੇ ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਚੰਡੀਗੜ੍ਹ, ਬਠਿੰਡਾ, ਫਰੀਦਕੋਟ, ਸੰਗਰੂਰ ਅਤੇ ਫਿਰੋਜ਼ਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ ਕਰੀਬ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਨੇੜੇ ਬਣੀਆਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ। ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅਚਾਨਕ ਤੇਜ਼ ਮੀਂਹ ਅਤੇ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਤੇਜ਼ ਹਵਾਵਾਂ ਕਾਰਨ ਰੁੱਖਾਂ ਅਤੇ ਕਮਜ਼ੋਰ ਢਾਂਚਿਆਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਰਹਿ ਸਕਦਾ ਹੈ। ਇਸ ਦੇ ਨਾਲ ਹੀ ਗਰਜ-ਤੂਫ਼ਾਨ ਦੌਰਾਨ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਅਤੇ ਕਿਸਾਨਾਂ ਨੂੰ ਸਥਾਨਕ ਮੌਸਮ ਵਿਭਾਗ ਦੀਆਂ ਤਾਜ਼ਾ ਹਦਾਇਤਾਂ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।

















