ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

1

ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਇੰਡੋਰ ਸਟੇਡੀਅਮ ਪਹੁੰਚੇ

ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ

ਹੁਸ਼ਿਆਰਪੁਰ,23 ਅਗਸਤ 2026 Aj Di Awaaj

Sports Desk: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਐਤਵਾਰ ਨੂੰ ਹੁਸ਼ਿਆਰਪੁਰ ਸ਼ਹਿਰ ਪਹੁੰਚਣ ’ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਖਿਡਾਰੀਆਂ ਸਮੇਤ ਸਵਾਗਤ ਕੀਤਾ। ਇਸ ਉਪਰੰਤ ਪੈਦਲ ਮਾਰਚ ਕਰਦਿਆਂ ਢੋਲ ਦੀ ਥਾਪ ’ਤੇ ਮਸ਼ਾਲ ਨੂੰ ਇੰਡੋਰ ਸਟੇਡੀਅਮ ਵਿਖੇ ਲਿਜਾਇਆ ਗਿਆ।

        ਇੱਥੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ‘ਯੂਥ ਕਨੈਕਟ’ ਦੇ ਨਾਲ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਚਾਰ ਪੀੜ੍ਹੀਆਂ ਦੀ ਖੇਡਾਂ ਵਿੱਚ ਭਾਗੀਦਾਰੀ ਇਸ ਆਯੋਜਨ ਦੀ ਵਿਸ਼ੇਸ਼ ਪਛਾਣ ਹੈ। ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦਾ ਵੀ ਇੱਕ ਸ਼ਕਤੀਸ਼ਾਲੀ ਜ਼ਰੀਆ ਹਨ।

         ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਆਯੋਜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।

        ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 24 ਅਗਸਤ ਨੂੰ ਮੁਕੇਰੀਆਂ ਤੋਂ ਹੁੰਦੇ ਹੋਏ ਮਸ਼ਾਲ ਪਠਾਨਕੋਟ ਲਈ ਰਵਾਨਾ ਹੋਵੇਗੀ।

ਸਮਾਗਮ ਦੌਰਾਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਹਾਜ਼ਰ ਲੋਕਾਂ ਨੇ ਖਿਡਾਰੀਆਂ ਦਾ ਹੌਸਲਾ ਵਧਾਇਆ।

         ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਸ.ਡੀ.ਐਮ. ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਜ਼ਿਲ੍ਹਾ ਖੇਡ ਅਧਿਕਾਰੀ ਸੁਰਜੀਤ ਸਿੰਘ, ਅੰਤਰਰਾਸ਼ਟਰੀ ਬਾਡੀ ਬਿਲਡਰ ਅਵਤਾਰ ਸਿੰਘ ਤੋਂ ਇਲਾਵਾ ਕੌਂਸਲਰ, ਖਿਡਾਰੀ, ਖੇਡ ਪ੍ਰੇਮੀ ਅਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।