ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 02 ਸਤੰਬਰ

3

• ਮੈਰਾਥਨ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ
• ਰੂਟ ’ਤੇ ਸੁਰੱਖਿਆ, ਟ੍ਰੈਫਿਕ, ਸਾਫ-ਸਫਾਈ, ਪੀਣ ਵਾਲੇ ਪਾਣੀ ਅਤੇ ਮੈਡੀਕਲ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼

ਮਾਲੇਰਕੋਟਲਾ, 30 ਅਗਸਤ 2026 Aj Di Awaaj 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 02 ਸਤੰਬਰ ਨੂੰ ਕਰਵਾਈ ਜਾਣ ਵਾਲੀ ਮੈਰਾਥਨ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਮੈਰਾਥਨ ਨੂੰ ਸੁਚੱਜੇ, ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 02 ਸਤੰਬਰ ਨੂੰ ਹੋਣ ਵਾਲੀ ਮੈਰਾਥਨ ਜ਼ਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਪੁਲਿਸ ਵਿਭਾਗ ਨੂੰ ਮੈਰਾਥਨ ਦੇ ਰੂਟ ’ਤੇ ਸੁਰੱਖਿਆ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੈਰਾਥਨ ਦੌਰਾਨ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਕਿਸੇ ਕਿਸਮ ਦੀ ਅਸੁਵਿਧਾ ਨਾ ਆਉਣ ਦਿੱਤੀ ਜਾਵੇ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਮੈਰਾਥਨ ਦੇ ਪੂਰੇ ਰੂਟ ਦੀ ਸਾਫ-ਸਫਾਈ, ਪੀਣ ਵਾਲੇ ਸਾਫ ਪਾਣੀ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਰਾਥਨ ਦੌਰਾਨ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਟੀਮਾਂ ਪੂਰੀ ਤਰ੍ਹਾਂ ਤਿਆਰ ਰਹਿਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਮੁੱਚੀ ਮਾਨਵਤਾ ਲਈ ਪ੍ਰੇਰਣਾਦਾਇਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ਕਰਵਾਈ ਜਾ ਰਹੀ ਮੈਰਾਥਨ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ, ਬਰਾਬਰੀ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਮੈਰਾਥਨ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਇਸ ਵੀਡੀਓ ਕਾਨਫਰੰਸਿੰਗ ਮੀਟਿੰਗ ਵਿੱਚ ਐਸ.ਐਸ.ਪੀ. ਗੁਰਮੀਤ ਸਿੰਘ, ਕਾਰਜ ਸਾਧਕ ਅਫਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ, ਸੀ.ਡੀ.ਪੀ.ਓ. ਪਵਨ ਕੁਮਾਰ ਅਤੇ ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।