ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਉਪਰਾਲੇ

2

ਫਰੀਦਕੋਟ, 31 ਅਗਸਤ 2026 AJ DI Awaaj

 Punjab Desk :  ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਫਰੀਦਕੋਟ ਦਾ ਵਿਸ਼ੇਸ਼ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਸਬੰਧਤ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀ ਵਰਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ, ਵਪਾਰਕ ਬਾਜ਼ਾਰਾਂ ਦੇ ਵਿਕਾਸ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਉੱਪ ਚੇਅਰਮੈਨ ਸ੍ਰੀ  ਅਨਿਲ ਠਾਕੁਰ ਨੇ ਦੱਸਿਆ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਕਰੀਬ 8,000 ਸ਼ਿਕਾਇਤਾਂ ਅਤੇ ਸਮੱਸਿਆਵਾਂ ਸਾਹਮਣੇ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ ਲਗਭਗ 7,000 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫੰਡ ਰਾਹੀਂ ਬਾਜ਼ਾਰਾਂ ਵਿੱਚ ਸੜਕਾਂ ਦੀ ਉਸਾਰੀ ਤੇ ਮੁਰੰਮਤ, ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਬਿਹਤਰ ਬੁਨਿਆਦੀ ਢਾਂਚਾ ਵਪਾਰੀਆਂ ਲਈ ਸੁਚਾਰੂ ਕਾਰੋਬਾਰੀ ਮਾਹੌਲ ਪੈਦਾ ਕਰਨ ਦੇ ਨਾਲ-ਨਾਲ ਬਾਜ਼ਾਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਪ੍ਰਦਾਨ ਕਰੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰੀਦਕੋਟ ਦੇ ਵਪਾਰੀ ਵਰਗ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਜਾਂਦੇ ਜਾਇਜ਼ ਮਾਮਲਿਆਂ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਿਯਮਾਂ ਅਨੁਸਾਰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੇਂ ਸਿਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਸਰਕਾਰ ਅਤੇ ਵਪਾਰੀ ਵਰਗ ਦਰਮਿਆਨ ਇੱਕ ਪ੍ਰਭਾਵਸ਼ਾਲੀ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੇਠਲੇ ਪੱਧਰ ਤੇ ਹੀ ਹੱਲ ਕਰਨ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰ ਤੇ ਟ੍ਰੇਡਰਜ਼ ਕਮਿਸ਼ਨਾਂ ਰਾਹੀਂ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਵਪਾਰੀਆਂ ਨੂੰ ਸੁਖਾਵਾਂ ਅਤੇ ਸੁਚਾਰੂ ਵਪਾਰਕ ਮਾਹੌਲ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰੀ ਵਰਗ ਵੱਲੋਂ ਸਾਹਮਣੇ ਲਿਆਂਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਭਵਿੱਖ ਵਿੱਚ ਵੀ ਲਗਾਤਾਰ ਯਤਨ ਜਾਰੀ ਰਹਿਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਈ.ਓ ਨਗਰ ਕੌਂਸਲ ਸ੍ਰੀ ਅੰਮ੍ਰਿਤ ਲਾਲ, ਉਪ ਜਿਲ੍ਹਾ ਸਿੱਖਿਆ ਅਫਸਰ ਪਵਨ ਕੁਮਾਰ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।