ਰੂਪਨਗਰ ਦੇ ਸੀਵਰੇਜ ਪ੍ਰਬੰਧ ਨੂੰ ਮਿਲੇਗਾ ਵੱਡਾ ਹੁਲਾਰਾ

2
ਰੂਪਨਗਰ, 02 ਸਤੰਬਰ 2026 AJ DI Awaaj
Punjab Desk  : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਰੂਪਨਗਰ ਸ਼ਹਿਰ ਦੇ ਸੀਵਰੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ।
ਬੜੀ ਹਵੇਲੀ, ਰੂਪਨਗਰ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਮੌਜੂਦਾ 10 ਐਮ.ਐਲ.ਡੀ. ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਨੂੰ 16 ਐਮ.ਐਲ.ਡੀ. ਸਮਰੱਥਾ ਤੱਕ ਵਧਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰਾਜੈਕਟ ’ਤੇ ਲਗਭਗ 912.54 ਲੱਖ ਰੁਪਏ (9.12 ਕਰੋੜ ਰੁਪਏ) ਦੀ ਲਾਗਤ ਆਵੇਗੀ।
ਇਹ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਦੀ ਹਾਜ਼ਰੀ ਵਿੱਚ ਰੱਖਿਆ ਗਿਆ।
ਇਸ ਮੌਕੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਰੂਪਨਗਰ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਬੜੀ ਹਵੇਲੀ ਸਥਿਤ ਐਸ.ਟੀ.ਪੀ. ਦੀ ਸਮਰੱਥਾ ਵਿੱਚ ਵਾਧਾ ਹੋਣ ਨਾਲ ਸ਼ਹਿਰ ਦੇ ਵਧ ਰਹੇ ਸੀਵਰੇਜ ਦੇ ਬੋਝ ਨੂੰ ਸੰਭਾਲਣ ਵਿੱਚ ਵੱਡੀ ਮਦਦ ਮਿਲੇਗੀ ਅਤੇ ਸੀਵਰੇਜ ਦੇ ਪਾਣੀ ਦੀ ਸੁਚੱਜੇ ਢੰਗ ਨਾਲ ਨਿਕਾਸੀ ਅਤੇ ਟ੍ਰੀਟਮੈਂਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇਗਾ।
ਵਿਧਾਇਕ ਚੱਢਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੇਵਲ ਸੜਕਾਂ ਅਤੇ ਇਮਾਰਤਾਂ ਦਾ ਨਿਰਮਾਣ ਹੀ ਕਾਫ਼ੀ ਨਹੀਂ, ਸਗੋਂ ਮਜ਼ਬੂਤ ਸੀਵਰੇਜ ਅਤੇ ਸਾਫ਼-ਸੁਥਰਾ ਵਾਤਾਵਰਣ ਵੀ ਇੱਕ ਆਧੁਨਿਕ ਸ਼ਹਿਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਐਸ.ਟੀ.ਪੀ. ਦੀ ਸਮਰੱਥਾ ਵਧਾਉਣ ਨਾਲ ਰੂਪਨਗਰ ਵਾਸੀਆਂ ਨੂੰ ਲੰਮੇ ਸਮੇਂ ਲਈ ਲਾਭ ਮਿਲੇਗਾ ਅਤੇ ਸ਼ਹਿਰ ਦੇ ਵਾਤਾਵਰਣ ਦੀ ਸੰਭਾਲ ਵਿੱਚ ਵੀ ਇਹ ਪ੍ਰਾਜੈਕਟ ਅਹਿਮ ਭੂਮਿਕਾ ਨਿਭਾਏਗਾ।
ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਸ਼ਹਿਰਾਂ ਵਿੱਚ ਸੀਵਰੇਜ ਦੇ ਪਾਣੀ ਦਾ ਵਿਗਿਆਨਕ ਢੰਗ ਨਾਲ ਟ੍ਰੀਟਮੈਂਟ ਕਰਨਾ ਅਤੇ ਇਸ ਪ੍ਰਬੰਧਨ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੜੀ ਹਵੇਲੀ ਦੇ ਐਸ.ਟੀ.ਪੀ. ਦੀ ਸਮਰੱਥਾ 10 ਐਮ.ਐਲ.ਡੀ. ਤੋਂ ਵਧਾ ਕੇ 16 ਐਮ.ਐਲ.ਡੀ. ਕੀਤੇ ਜਾਣ ਨਾਲ ਪਲਾਂਟ ਦੀ ਸਮਰੱਥਾ ਵਿੱਚ 60 ਫ਼ੀਸਦੀ ਵਾਧਾ ਹੋਵੇਗਾ, ਜਿਸ ਨਾਲ ਰੂਪਨਗਰ ਸ਼ਹਿਰ ਦੀਆਂ ਮੌਜੂਦਾ ਅਤੇ ਭਵਿੱਖੀ ਸੀਵਰੇਜ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਵਿੱਚ ਸਾਫ਼-ਸੁਥਰੇ ਵਾਤਾਵਰਣ, ਸੁਚੱਜੇ ਸੀਵਰੇਜ ਪ੍ਰਬੰਧ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਾਜੈਕਟ ਦੇ ਕੰਮ ਨੂੰ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ।
ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਰੂਪਨਗਰ ਸ਼ਹਿਰ ਵਿੱਚ ਸੀਵਰੇਜ ਦੇ ਪਾਣੀ ਦੇ ਟ੍ਰੀਟਮੈਂਟ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਸ਼ਹਿਰ ਦੇ ਸੀਵਰੇਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਵਾਤਾਵਰਣ ਦੀ ਸੁਰੱਖਿਆ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਵੀ ਇਹ ਪ੍ਰਾਜੈਕਟ ਅਹਿਮ ਸਾਬਤ ਹੋਵੇਗਾ।
ਇਸ ਮੌਕੇ ਪ੍ਰਧਾਨ ਨਗਰ ਕੌਂਸਲ ਰੂਪਨਗਰ ਸ. ਇੰਦਰਪਾਲ ਸਿੰਘ ਰਾਜੂ ਸਤਿਆਲ, ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ, ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਤੋਂ ਇਲਾਵਾ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ, ਨਗਰ ਕੌਂਸਲ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।