ਸ੍ਰੀ ਅਨੰਦਪੁਰ ਸਾਹਿਬ 03 ਸਤੰਬਰ 2026 AJ DI Awaaj
Punjab Desk : ਆਪਣੇ ਵਾਅਦੇ ਪੂਰੇ ਕਰਨ ਲਈ ਜਾਣੇ ਜਾਂਦੇ ਪੰਜਾਬ ਦੇ ਨੌਜਵਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹਲਕੇ ਦੇ ਕਿਸੇ ਵੀ ਪਿੰਡ, ਸ਼ਹਿਰ, ਖੇਡ ਮੈਦਾਨ ਜਾਂ ਸਮਾਗਮ ਵਿੱਚ ਕੀਤਾ ਗਿਆ ਐਲਾਨ ਪੂਰਾ ਕਰਨ ਦੀ ਪ੍ਰੰਪਰਾ ਨੂੰ ਜਾਰੀ ਰੱਖਿਆ ਜਾ ਰਿਹਾ ਹੈ। ਏ.ਪੀ.ਐਲ. ਕ੍ਰਿਕਟ ਮੈਚ ਦੌਰਾਨ ਜੇਤੂ ਘਨਾਰੂ ਕ੍ਰਿਕਟ ਟੀਮ ਦੇ ਹੌਸਲੇ ਨੂੰ ਵਧਾਉਂਦਿਆਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਵਾਅਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਵਾਸੀਆਂ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪ ਕੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਪਿੰਡਾਂ ਵਿੱਚ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਘਨਾਰੂ ਪਿੰਡ ਦੀਆਂ ਸਮੱਸਿਆਵਾ/ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਸਮੱਸਿਆਵਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾ ਕਿਹਾ ਕਿ ਅਸੀ ਪਿੰਡ ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾ ਹੱਲ ਕਰਾਂਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਦੀ ਬੇਲੋੜੀ ਖੱਜਲ ਖੁਆਰੀ ਤੋ ਬਚਾਇਆ ਜਾ ਸਕੇ। ਪਿੰਡ ਘਨਾਰੂ ਦੇ ਵਿਕਾਸ ਦੀ ਗੱਲ ਕਰੀਏ ਤਾਂ ਇੱਥੇ ਕਰੀਬ 1.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਕਾਰਜਾਂ ਤਹਿਤ ਸਰਕਾਰੀ ਸਕੂਲ ਦਾ ਨਵੀਨੀਕਰਨ, ਪਿੰਡ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ, ਪੀਣ ਵਾਲੇ ਪਾਣੀ ਦੀ ਬਿਹਤਰ ਸਪਲਾਈ, ਸੜਕਾਂ ਦਾ ਨਵੀਨੀਕਰਨ, ਨਵੀਂ ਸ਼ੈੱਡ ਦੀ ਉਸਾਰੀ ਅਤੇ ਪਾਣੀ ਵਾਲੀ ਟੈਂਕੀ ਸਮੇਤ ਕਈ ਮਹੱਤਵਪੂਰਨ ਕੰਮ ਕੀਤੇ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਰੋਜ਼ਾਨਾ ਜੀਵਨ ਨਾਲ ਸਬੰਧਤ ਬੁਨਿਆਦੀ ਸਹੂਲਤਾਂ ਮਿਲੀਆਂ ਹਨ ਅਤੇ ਪਿੰਡ ਦੀ ਦਿੱਖ ਵਿੱਚ ਵੀ ਵੱਡਾ ਸੁਧਾਰ ਆਇਆ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰਾਂ ਦੀ ਤਰਜ਼ ’ਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਘਨਾਰੂ ਵਿੱਚ ਕੀਤੇ ਗਏ ਵਿਕਾਸ ਕਾਰਜ ਇਸੇ ਸੋਚ ਦਾ ਪ੍ਰਗਟਾਵਾ ਹਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ, ਪੀਣ ਵਾਲਾ ਸਾਫ਼ ਪਾਣੀ, ਬਿਹਤਰ ਸੜਕਾਂ, ਸੁਧਰੇ ਸਕੂਲ ਅਤੇ ਹੋਰ ਬੁਨਿਆਦੀ ਸਹੂਲਤਾਂ ਲੋਕਾਂ ਦਾ ਹੱਕ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਕਈ ਅਜਿਹੇ ਲੋਕਪੱਖੀ ਫੈਸਲੇ ਵੀ ਲਏ ਗਏ ਹਨ, ਜੋ ਚੋਣ ਵਾਅਦਿਆਂ ਦਾ ਹਿੱਸਾ ਨਹੀਂ ਸਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਹਰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਪਿੰਡ ਵਾਸੀਆਂ ਅਤੇ ਏ.ਪੀ.ਐਲ. ਜੇਤੂ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪਿੰਡ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 10 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਵਿੱਚ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਉਣ ਵਿੱਚ ਮਦਦ ਮਿਲੇਗੀ। ਪਿੰਡ ਵਾਸੀਆਂ ਨੇ ਕਿਹਾ ਕਿ ਸਕੂਲ ਦੇ ਨਵੀਨੀਕਰਨ, ਸਫਾਈ ਪ੍ਰਬੰਧ, ਪਾਣੀ ਦੀ ਸਪਲਾਈ, ਸੜਕਾਂ ਅਤੇ ਹੋਰ ਸਹੂਲਤਾਂ ਨਾਲ ਘਨਾਰੂ ਦੀ ਤਸਵੀਰ ਵਿੱਚ ਵੱਡਾ ਬਦਲਾਅ ਆਇਆ ਹੈ।
ਇਸ ਮੌਕੇ ਰਘੁਵੀਰ ਸਿੰਘ ਸਰਪੰਚ, ਜਗਮੋਹਨ ਸਿੰਘ ਸਰਪੰਚ,ਓਮ ਪ੍ਰਕਾਸ਼ ਮਥੁਰਾ ਸਰਪੰਚ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਦਵਿੰਦਰ ਸਿੰਘ ਯੂਥ ਪ੍ਰਧਾਨ, ਨੱਡਾ ਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ



















