ਪੰਜਾਬ ’ਚ 2 ਦਿਨ ਮੀਂਹ, ਯੈਲੋ ਅਲਰਟ ਜਾਰੀ

15

Punjab 04 Sep 2026 AJ DI Awaaj

Punjab Desk :    ਪੰਜਾਬ ਵਿੱਚ ਵੱਧ ਰਹੇ ਤਾਪਮਾਨ ਦਰਮਿਆਨ ਹੁਣ ਮੌਸਮ ਦਾ ਮਿਜ਼ਾਜ ਬਦਲਣ ਦੇ ਆਸਾਰ ਹਨ। ਮੌਸਮ ਵਿਗਿਆਨੀਆਂ ਮੁਤਾਬਕ ਅਗਲੇ ਦੋ ਦਿਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਅਨੁਸਾਰ ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਸਮ ਬਦਲਿਆ ਰਹੇਗਾ। ਖਾਸ ਤੌਰ ’ਤੇ ਉੱਤਰ-ਪੂਰਬੀ ਜ਼ਿਲ੍ਹਿਆਂ ਲਈ ਬਾਰਿਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨੀ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ ਤਾਪਮਾਨ ਆਮ ਨਾਲੋਂ ਵੱਧ ਹੈ, ਪਰ ਬੱਦਲਵਾਈ ਅਤੇ ਬਾਰਿਸ਼ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। ਸੰਭਾਵਿਤ ਬਾਰਿਸ਼ ਨੂੰ ਖੇਤੀਬਾੜੀ ਲਈ ਵੀ ਲਾਹੇਵੰਦ ਮੰਨਿਆ ਜਾ ਰਿਹਾ ਹੈ।

ਹਾਲਾਂਕਿ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਇੱਕੋ ਜਿਹੀ ਨਹੀਂ ਹੈ। ਇਸ ਲਈ ਲੋਕਾਂ ਅਤੇ ਕਿਸਾਨਾਂ ਨੂੰ ਆਪਣੇ ਇਲਾਕੇ ਦੀ ਤਾਜ਼ਾ ਮੌਸਮ ਜਾਣਕਾਰੀ ’ਤੇ ਨਜ਼ਰ ਰੱਖਣ ਅਤੇ ਯੈਲੋ ਅਲਰਟ ਵਾਲੇ ਖੇਤਰਾਂ ਵਿੱਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।