ਸ੍ਰੀ ਚਮਕੌਰ ਸਾਹਿਬ, 4 ਸਤੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ 2026 ਤੱਕ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਖ਼ਾਲਸਾ ਸਟੇਡੀਅਮ ਵਿਖੇ ਕਰਵਾਏ ਜਾਣਗੇ।
ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਮਿਲੇਗਾ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਅਤੇ ਖਿਡਾਰੀ ਅਗਲੇ ਪੜਾਅ ਤਹਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ 14 ਤੋਂ 40 ਸਾਲ ਉਮਰ ਵਰਗ ਦੇ ਖਿਡਾਰੀਆਂ ਲਈ ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ 14 ਤੋਂ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ, ਵੈਟਰਨ ਵਰਗ ਸਮੇਤ, ਲਈ ਅਥਲੈਟਿਕਸ ਅਤੇ ਵਾਲੀਬਾਲ ਦੇ ਸਮੈਸ਼ਿੰਗ ਅਤੇ ਸ਼ੂਟਿੰਗ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਵਿਭਾਗ ਵੱਲੋਂ ਜਾਰੀ ਕੀਤੇ ਭਾਗੀਦਾਰੀ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਨ੍ਹਾਂ ਖੇਡ ਮੁਕਾਬਲਿਆਂ ਦਾ ਹਿੱਸਾ ਬਣਨਾ ਚਾਹੀਦਾ ਹੈ।
ਜਗਜੀਵਨ ਸਿੰਘ ਗਿੱਲ ਨੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਸਮੂਹ ਨੌਜਵਾਨਾਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦੇ ਨਾਲ-ਨਾਲ ਸੂਬੇ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਅਤੇ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।



















