Punjab 04 Sep 2026 AJ DI Awaaj
Punjab Desk : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਨੇ ਵੀ ਚੋਣੀ ਤਿਆਰੀਆਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਆਪਣੀਆਂ ਗਤੀਵਿਧੀਆਂ ਵਧਾਉਣ ਦੀ ਤਿਆਰੀ ਕਰ ਲਈ ਹੈ। ਇਸੇ ਤਹਿਤ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਬੱਸ ਯਾਤਰਾ ਕੱਢਣ ਦੀ ਯੋਜਨਾ ਬਣਾਈ ਜਾ ਰਹੀ ਹੈ।
15 ਸਤੰਬਰ ਤੋਂ ਬਾਅਦ ਪੰਜਾਬ ਦੌਰਾ
ਸੂਤਰਾਂ ਮੁਤਾਬਕ ਰਾਹੁਲ ਗਾਂਧੀ 15 ਸਤੰਬਰ ਤੋਂ ਬਾਅਦ ਪੰਜਾਬ ਦੌਰੇ ’ਤੇ ਆ ਸਕਦੇ ਹਨ। ਪ੍ਰਸਤਾਵਿਤ ਬੱਸ ਯਾਤਰਾ ਦੀ ਸ਼ੁਰੂਆਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕੀਤੇ ਜਾਣ ਦੀ ਯੋਜਨਾ ਹੈ। ਕਾਂਗਰਸ ਇਸ ਯਾਤਰਾ ਨੂੰ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਸਿੱਧਾ ਸੰਪਰਕ ਵਧਾਉਣ ਦੇ ਤੌਰ ’ਤੇ ਦੇਖ ਰਹੀ ਹੈ।
ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ
ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਅਰਦਾਸ ਕਰਨ ਤੋਂ ਬਾਅਦ ਬੱਸ ਯਾਤਰਾ ਦੀ ਸ਼ੁਰੂਆਤ ਕਰਨ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਹੋਰ ਆਗੂ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿ ਸਕਦੇ ਹਨ।
2027 ਦੀਆਂ ਚੋਣਾਂ ’ਤੇ ਨਜ਼ਰ
ਕਾਂਗਰਸ ਵੱਲੋਂ ਇਸ ਯਾਤਰਾ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਯਾਤਰਾ ਦੌਰਾਨ ਆਮ ਲੋਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤਾਂ ਕਰਕੇ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਅਤੇ ਸਿਆਸੀ ਮਾਹੌਲ ਨੂੰ ਸਮਝਣ ’ਤੇ ਵੀ ਫੋਕਸ ਰਹਿਣ ਦੀ ਉਮੀਦ ਹੈ।
ਪੰਜਾਬ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅਜਿਹੇ ਵਿੱਚ ਰਾਹੁਲ ਗਾਂਧੀ ਦੀ ਪ੍ਰਸਤਾਵਿਤ ਬੱਸ ਯਾਤਰਾ ਨੂੰ ਪੰਜਾਬ ਕਾਂਗਰਸ ਦੀ ਚੋਣੀ ਰਣਨੀਤੀ ਦੇ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ।



















