ਫਰੀਦਕੋਟ 06 ਸਤੰਬਰ 2026 Aj Di Awaaj
Punjab Desk: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਫਰੀਦਕੋਟ ਵਿਖੇ ਬੀਤੀ ਸ਼ਾਮ ਪਿੰਡ ਚੱਕ ਸੇਮਾ ਅਹਿਲ, ਕਾਨਿਆਂ ਵਾਲੀ ਅਤੇ ਪਿੰਡੀ ਬਲੋਚਾਂ ਵਿਖੇ ਦਸਤਾਵੇਜੀ ਫਿਲਮ ਦਿਖਾਈ ਗਈ। 30 ਮਿੰਟ ਦੀ ਇਸ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਅਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੇ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਫਿਲਮਾਂ ਦਾ ਪ੍ਰਦਰਸ਼ਨ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਹੋਰ ਨੇੜਿਓਂ ਜੁੜ ਸਕਣਗੇ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ।



















