ਖੇਡਾਂ ਵਤਨ ਪੰਜਾਬ ਦੀਆਂ-2026 ਦਾ ਸੀਜ਼ਨ ਚੌਥਾ

2
ਸੰਗਰੂਰ, 9 ਸਤੰਬਰ 2026 AJ DI Awaaj
Punjab Desk :  ਖੇਡਾਂ ਵਤਨ ਪੰਜਾਬ ਦੀਆਂ-2026 ਦੇ ਚੌਥੇ ਸੀਜ਼ਨ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀਮਤੀ ਪੂਨਮਦੀਪ ਕੌਰ ਅਤੇ ਵਿਧਾਇਕ ਸੰਗਰੂਰ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਕਰਕੇ ਖੇਡਾਂ ਦੇ ਪ੍ਰਬੰਧਾਂ, ਵੱਖ-ਵੱਖ ਪੱਧਰਾਂ ’ਤੇ ਹੋਣ ਵਾਲੇ ਮੁਕਾਬਲਿਆਂ ਅਤੇ ਖਿਡਾਰੀਆਂ ਲਈ ਉਪਲਬਧ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਤਨ ਪੰਜਾਬ ਦੀਆਂ-2026 ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਅਤੇ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਇਨ੍ਹਾਂ ਖੇਡਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਵਾਰ ਇਨ੍ਹਾਂ ਖੇਡਾਂ ਵਿੱਚ 10 ਲੱਖ ਤੱਕ ਦੀ ਭਾਗੀਦਾਰੀ ਦਾ ਟੀਚਾ ਮਿੱਥਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਆਫਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2022 ਵਿੱਚ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਹੁਣ ਤੱਕ ਪੰਜ ਲੱਖ ਤੱਕ ਖਿਡਾਰੀ ਹਿੱਸਾ ਲੈ ਚੁੱਕੇ ਹਨ ਅਤੇ ਇਸ ਵਾਰ 10 ਲੱਖ ਤੱਕ ਭਾਗੀਦਾਰੀ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ, ਮੁਕਾਬਲੇ ਦਾ ਤਜਰਬਾ ਹਾਸਲ ਕਰਨ ਅਤੇ ਅੱਗੇ ਵਧਣ ਲਈ ਵੱਡਾ ਮੰਚ ਪ੍ਰਦਾਨ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ 9 ਉਮਰ ਵਰਗਾਂ ਵਿੱਚ 38 ਖੇਡਾਂ, 1 ਪ੍ਰਦਰਸ਼ਨੀ ਖੇਡ (ਟੈਨਿਸ ਬਾਲ ਕ੍ਰਿਕਟ) ਅਤੇ 4 ਪੈਰਾ ਸਪੋਰਟਸ ਖੇਡਾਂ ਦੇ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਕਰਵਾਏ ਜਾ ਰਹੇ ਹਨ। ਮੁੰਡਿਆਂ ਅਤੇ ਕੁੜੀਆਂ ਦੇ ਮੁਕਾਬਲੇ ਵੱਖ-ਵੱਖ ਕਰਵਾਏ ਜਾਣਗੇ। ਜੇਤੂ ਖਿਡਾਰੀਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦੇ ਨਾਲ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਮਰ ਵਰਗਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-30 ਸਾਲ, 31-40 ਸਾਲ, 41-50 ਸਾਲ, 51-60 ਸਾਲ, 61-70 ਸਾਲ ਅਤੇ 70 ਸਾਲ ਤੋਂ ਉੱਪਰ ਦੇ ਵਰਗ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ 7 ਖੇਡਾਂ ਦੇ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ, ਜੋ 18 ਸਤੰਬਰ ਤੱਕ ਚੱਲਣਗੇ। ਇਨ੍ਹਾਂ ਵਿੱਚ ਅਥਲੈਟਿਕਸ, ਖੋ-ਖੋ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਹਨ।
20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਬਲਾਕ ਪੱਧਰ ਦੀਆਂ 7 ਖੇਡਾਂ ਦੇ ਜੇਤੂਆਂ ਤੋਂ ਇਲਾਵਾ 21 ਖੇਡਾਂ ਦੇ ਮੁਕਾਬਲੇ ਸਿੱਧੇ ਜ਼ਿਲ੍ਹਾ ਪੱਧਰ ’ਤੇ ਹੋਣਗੇ। ਇਸ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ ਕੁੱਲ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ 21 ਖੇਡਾਂ ਵਿੱਚ ਹੈਂਡਬਾਲ, ਸਾਫਟਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰਲਿਫਟਿੰਗ, ਲਾਅਨ ਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਸ਼ਾਮਲ ਹਨ।
ਇਸੇ ਤਰ੍ਹਾਂ 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰੀ ਮੁਕਾਬਲੇ ਹੋਣਗੇ। ਜ਼ਿਲ੍ਹਾ ਪੱਧਰ ਦੀਆਂ 28 ਖੇਡਾਂ ਦੇ ਜੇਤੂਆਂ ਤੋਂ ਇਲਾਵਾ 10 ਹੋਰ ਖੇਡਾਂ ਦੇ ਮੁਕਾਬਲੇ ਸਿੱਧੇ ਸੂਬਾ ਪੱਧਰ ’ਤੇ ਕਰਵਾਏ ਜਾਣਗੇ। ਇਸ ਤਰ੍ਹਾਂ ਸੂਬਾ ਪੱਧਰ ’ਤੇ ਕੁੱਲ 38 ਖੇਡਾਂ ਦੇ ਮੁਕਾਬਲੇ ਹੋਣਗੇ। ਇਨ੍ਹਾਂ 10 ਖੇਡਾਂ ਵਿੱਚ ਜਿਮਨਾਸਟਿਕ, ਰੋਇੰਗ, ਕੈਕਿੰਗ-ਕੈਨੋਇੰਗ, ਵੁਸ਼ੂ, ਰਗਬੀ, ਸਾਈਕਲਿੰਗ, ਘੁੜਸਵਾਰੀ, ਤਾਇਕਵਾਂਡੋ, ਬੇਸਬਾਲ ਅਤੇ ਕਰਾਟੇ ਸ਼ਾਮਲ ਹਨ।
25 ਤੋਂ 28 ਨਵੰਬਰ ਤੱਕ ਚਾਰ ਪੈਰਾ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਪੈਰਾ ਪਾਵਰਲਿਫਟਿੰਗ, ਪੈਰਾ ਬੈਡਮਿੰਟਨ, ਵ੍ਹੀਲਚੇਅਰ ਬਾਸਕਟਬਾਲ ਅਤੇ ਪੈਰਾ ਅਥਲੈਟਿਕਸ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਖੇਡ ਮੁਕਾਬਲਿਆਂ ਨੂੰ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਿਰਫ਼ ਮੁਕਾਬਲੇ ਹੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਤੰਦਰੁਸਤ, ਅਨੁਸ਼ਾਸਿਤ ਅਤੇ ਖੇਡਾਂ ਪ੍ਰਤੀ ਸਮਰਪਿਤ ਬਣਾਉਣ ਦਾ ਇੱਕ ਮਹੱਤਵਪੂਰਨ ਉਪਰਾਲਾ ਹਨ।
              ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਭੰਗੂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ , ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਬਲਾਕ ਪ੍ਰਧਾਨ ਮੂਨਕ/ਲਹਿਰਾਗਾਗਾ ਕਰਮਜੀਤ ਸਿੰਘ ਰਾਜਲਹੇੜੀ ਅਤੇ ਜ਼ਿਲ੍ਹਾ ਪ੍ਰਧਾਨ ਵਿਰਾਸ਼ਤ ਸੇਵਾ ਸੰਗਠਨ ਚਰਨਜੀਤ ਸਿੰਘ ਚੰਨ ਵੀ ਮੌਜੂਦ ਸਨ।