ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਫੈਸਲਾ

28

Punjab : 10 Sep 2026 AJ DI Awaaj

Punjab Desk  :   ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਸੰਗਠਨ ਪੱਧਰ ’ਤੇ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੀ ਅਹਿਮ 10 ਮੈਂਬਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਵਿੱਚ ਸ਼ਾਮਲ ਕੀਤਾ ਹੈ।

ਇਸ ਤੋਂ ਇਲਾਵਾ ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਸਤਿੰਦਰ ਜੈਨ ਨੂੰ ਵੀ PAC ਦਾ ਮੈਂਬਰ ਬਣਾਇਆ ਗਿਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਇੱਕ ਪ੍ਰਮੁੱਖ ਸਿਆਸੀ ਚਿਹਰਾ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ।

23 ਮੈਂਬਰੀ ਕੌਮੀ ਕਾਰਜਕਾਰਨੀ ਦਾ ਵੀ ਗਠਨ

ਪਾਰਟੀ ਵੱਲੋਂ 23 ਮੈਂਬਰੀ ਕੌਮੀ ਕਾਰਜਕਾਰਨੀ ਦਾ ਵੀ ਗਠਨ ਕੀਤਾ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਅਤੇ ਵਿਭਵ ਕੁਮਾਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਮੁਤਾਬਕ, ਬੁੱਧਵਾਰ ਸ਼ਾਮ ਨੂੰ ਪਾਰਟੀ ਦੀ 15ਵੀਂ ਰਾਸ਼ਟਰੀ ਕੌਂਸਲ ਦੀ ਮੀਟਿੰਗ ਵਰਚੁਅਲ ਮਾਧਿਅਮ ਰਾਹੀਂ ਹੋਈ। ਇਸ ਮੀਟਿੰਗ ਵਿੱਚ ਦੇਸ਼ ਭਰ ਤੋਂ ਕੁੱਲ 330 ਮੈਂਬਰਾਂ ਨੇ ਹਿੱਸਾ ਲਿਆ।

ਕੇਜਰੀਵਾਲ ਮੁੜ ਬਣੇ ਰਾਸ਼ਟਰੀ ਕਨਵੀਨਰ

ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਮੁੜ ਆਮ ਆਦਮੀ ਪਾਰਟੀ ਦਾ ਰਾਸ਼ਟਰੀ ਕਨਵੀਨਰ ਚੁਣਿਆ ਗਿਆ। ਇਸ ਦੇ ਨਾਲ ਹੀ ਪੰਕਜ ਗੁਪਤਾ ਨੂੰ ਰਾਸ਼ਟਰੀ ਸਕੱਤਰ ਅਤੇ ਐਨ.ਡੀ. ਗੁਪਤਾ ਨੂੰ ਮੁੜ ਖਜ਼ਾਨਚੀ ਚੁਣਿਆ ਗਿਆ।

ਰਾਸ਼ਟਰੀ ਕੌਂਸਲ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ ਦਿੱਤੀ। ਪਾਰਟੀ ਸੂਤਰਾਂ ਮੁਤਾਬਕ, ਚੋਣੀ ਤਿਆਰੀਆਂ ਨੂੰ ਲੈ ਕੇ ਸੰਗਠਨ ਨੂੰ ਹੋਰ ਸਰਗਰਮ ਕਰਨ ’ਤੇ ਖਾਸ ਜ਼ੋਰ ਦਿੱਤਾ ਗਿਆ।

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ PAC ਵਿੱਚ ਭਗਵੰਤ ਮਾਨ ਅਤੇ ਹਰਪਾਲ ਚੀਮਾ ਦੀ ਸ਼ਮੂਲੀਅਤ ਨੂੰ ਪਾਰਟੀ ਦੀ ਪੰਜਾਬ ਰਣਨੀਤੀ ਲਈ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।