ਆਂਗਣਵਾੜੀ ਕੇਦਰਾਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਗਤੀਵਿਧੀਆ ਕਰਵਾਇਆਂ

2

ਫ਼ਿਰੋਜ਼ਪੁਰ, 10 ਸਤੰਬਰ 2026 AJ DI Awaaj

Punjab Desk :    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਮਨਾਏ ਜਾ ਰਹੇ ਪੋਸ਼ਣ ਮਾਹ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

     ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਗੁਰਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਮਾਹ ਦਾ ਮੁੱਖ ਉਦੇਸ਼ ਬੱਚਿਆਂ, ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਨੂੰ ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ।

      ਉਨ੍ਹਾਂ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਸਾਰੇ ਸੁਪਰਵਾਈਜ਼ਰਾਂ ਅਤੇ ਪੋਸ਼ਣ ਕੋਆਰਡੀਨੇਟਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਸੰਤੁਲਿਤ ਖੁਰਾਕ, ਅਨੀਮੀਆ ਤੋਂ ਬਚਾਅ, ਸਫ਼ਾਈ ਤੇ ਸਵੱਛਤਾ, ਮਾਂ ਦੇ ਦੁੱਧ ਦੀ ਮਹੱਤਤਾ, ਪੌਸ਼ਟਿਕ ਸਥਾਨਕ ਖਾਧ ਪਦਾਰਥਾਂ ਦੀ ਵਰਤੋਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਜਾਗਰੂਕਤਾ ਸ਼ਾਮਲ ਹੈ।

      ਇਸ ਮੌਕੇ ਸੁਪਰਵਾਈਜ਼ਰਾਂ ਅਤੇ ਪੋਸ਼ਣ ਕੋਆਰਡੀਨੇਟਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਲੋੜੀਂਦੀ ਜਾਣਕਾਰੀ ਅਤੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਪੋਸ਼ਣ ਵਾਟਿਕਾ, ਪੋਸ਼ਣ ਪ੍ਰਦਰਸ਼ਨੀ, ਜਾਗਰੂਕਤਾ ਰੈਲੀਆਂ, ਘਰ-ਘਰ ਸੰਪਰਕ ਅਤੇ ਕਮਿਊਨਿਟੀ ਮੀਟਿੰਗਾਂ ਰਾਹੀਂ ਵੀ ਲੋਕਾਂ ਨੂੰ ਪੋਸ਼ਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

       ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ “ਸਹੀ ਪੋਸ਼ਣ, ਸਿਹਤਮੰਦ ਜੀਵਨ ਦੀ ਨੀਂਹ ਹੈ” ਅਤੇ ਹਰ ਪਰਿਵਾਰ ਨੂੰ ਆਪਣੇ ਰੋਜ਼ਾਨਾ ਭੋਜਨ ਵਿੱਚ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਨੂੰ ਤਰਜੀਹ ਦੇਣੀ ਚਾਹੀਦੀ ਹੈ।

        ਪੋਸ਼ਣ ਮਾਹ ਦੀਆਂ ਗਤੀਵਿਧੀਆਂ ਨੂੰ ਸਫਲ ਬਣਾਉਣ ਲਈ ਸਾਰੇ ਸੁਪਰਵਾਈਜ਼ਰ, ਪੋਸ਼ਣ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾ ਰਹੇ ਹਨ।