ਨੰਗਲ/ ਕੀਰਤਪੁਰ ਸਾਹਿਬ 10 ਸਤੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਵਾਰਡ ਨੰਬਰ-2 ਨੰਗਲ, ਥਲੂ ਅੱਪਰ ਅਤੇ ਆਲੋਵਾਲ ਤੋਂ ਵੀ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ। ਸ਼ਰਧਾਲੂਆਂ ਵਿੱਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦਾ ਮੁੱਖ ਉਦੇਸ਼ ਪੰਜਾਬ ਵਾਸੀਆਂ ਨੂੰ ਸੂਬੇ ਅਤੇ ਦੇਸ਼ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਈ ਲੋਕ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਆਪਣੀ ਇੱਛਾ ਅਨੁਸਾਰ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ। ਪੰਜਾਬ ਸਰਕਾਰ ਵੱਲੋਂ ਅਜਿਹੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਸੁਰੱਖਿਅਤ ਢੰਗ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਅਤੇ ਸੁਚੱਜੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਹਰ ਵਿਅਕਤੀ ਦੀ ਆਸਥਾ ਨਾਲ ਜੁੜੀ ਹੁੰਦੀ ਹੈ ਅਤੇ ਸਰਕਾਰ ਦਾ ਇਹ ਉਪਰਾਲਾ ਲੋਕਾਂ ਨੂੰ ਆਪਣੀ ਸ਼ਰਧਾ ਅਨੁਸਾਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਿਹਾ ਹੈ।
ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਉਨ੍ਹਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਨਾਲ ਉਹ ਬਿਨਾਂ ਕਿਸੇ ਖਰਚੇ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ-ਭਲਾਈ ਸਕੀਮਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੀਆਂ ਹਨ ਅਤੇ ਆਮ ਲੋਕਾਂ ਲਈ ਇਹ ਸਕੀਮ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।



















