CJP ਟੀਮ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

20

ਲੁਧਿਆਣਾ: 11 Sep 2026 AJ DI Awaaj

Punjab Desk :  ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਸਾਹਮਣੇ ਲਿਆਉਣ ਲਈ ‘ਕਾਕਰੋਚ ਜਨਤਾ ਪਾਰਟੀ’ (CJP) ਵੱਲੋਂ ਸੋਸ਼ਲ ਮੀਡੀਆ ’ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਟੀਮ ਨੇ ਲੁਧਿਆਣਾ ਦੇ ਕਈ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਟੀਮ ਮੈਂਬਰ ਸੌਰਵ ਦਾਸ ਨੇ ਸਕੂਲਾਂ ਦੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸਕੂਲਾਂ ਦੇ ਦੌਰੇ ਤੋਂ ਬਾਅਦ ਸੌਰਵ ਦਾਸ ਨੇ ਸੋਸ਼ਲ ਮੀਡੀਆ ’ਤੇ ਆਪਣੀਆਂ observations ਸਾਂਝੀਆਂ ਕੀਤੀਆਂ। ਉਨ੍ਹਾਂ ਮੁਤਾਬਕ ‘ਸਕੂਲਜ਼ ਆਫ਼ ਐਮੀਨੈਂਸ’ ਵਿੱਚ ਜ਼ਿਆਦਾਤਰ ਨੁਕਤੇ ਸਕਾਰਾਤਮਕ ਰਹੇ, ਹਾਲਾਂਕਿ ਕੁਝ ਕਮੀਆਂ ਵੀ ਸਾਹਮਣੇ ਆਈਆਂ। CJP ਟੀਮ ਨੇ ਇਨ੍ਹਾਂ ਮੁੱਦਿਆਂ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜਾਣੂ ਕਰਵਾਇਆ।

ਸਿੱਖਿਆ ਮੰਤਰੀ ਨੇ ਦਿੱਤਾ ਭਰੋਸਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੌਰਵ ਦਾਸ ਦੀ ਪੋਸਟ ਦਾ ਜਵਾਬ ਦਿੰਦਿਆਂ ਸੁਤੰਤਰ ਸਮਾਜਿਕ ਆਡਿਟ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਸਕੂਲਾਂ ਸਬੰਧੀ ਮਿਲਣ ਵਾਲੇ ਸੁਝਾਵਾਂ ਅਤੇ ਫੀਡਬੈਕ ਦਾ ਸਵਾਗਤ ਕਰਦੀ ਹੈ।

ਮੰਤਰੀ ਨੇ ਕਿਹਾ ਕਿ CJP ਟੀਮ ਵੱਲੋਂ ਉਜਾਗਰ ਕੀਤੇ ਮੁੱਦਿਆਂ ਨੂੰ ਨੋਟ ਕਰ ਲਿਆ ਗਿਆ ਹੈ ਅਤੇ ਉਹ ਖੁਦ ਇਨ੍ਹਾਂ ਦੇ ਹੱਲ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਦੇ ਹਰ ਬੱਚੇ ਨੂੰ ਸੁਰੱਖਿਅਤ, ਆਧੁਨਿਕ ਅਤੇ ਮਿਆਰੀ ਸਰਕਾਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ।

CJP ਸੰਸਥਾਪਕ ਨੇ ਚੁੱਕਿਆ ਸਿਆਸੀ ਸਵਾਲ

CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵੀ ਸੋਸ਼ਲ ਮੀਡੀਆ ’ਤੇ ਇਸ ਮਾਮਲੇ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕਰਨਾਟਕ ਵਿੱਚ ਸਕੂਲਾਂ ਦੀਆਂ ਕਮੀਆਂ ਸਾਹਮਣੇ ਆਉਣ ’ਤੇ ਸਬੰਧਤ ਸੂਬਿਆਂ ਦੇ ਸਿੱਖਿਆ ਮੰਤਰੀਆਂ ਵੱਲੋਂ ਟੀਮ ਨਾਲ ਗੱਲਬਾਤ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਇਸ ਦੀ ਤੁਲਨਾ ਭਾਜਪਾ ਸ਼ਾਸਿਤ ਸੂਬਿਆਂ ਵਿੱਚ CJP ਵੱਲੋਂ ਕੀਤੇ ਜਾਂਦੇ ਸਕੂਲ ਆਡਿਟ ਨਾਲ ਕਰਦਿਆਂ ਭਾਜਪਾ ’ਤੇ ਸਵਾਲ ਚੁੱਕੇ।

ਕੇਜਰੀਵਾਲ ਅਤੇ ਸਿਸੋਦੀਆ ਨੇ ਵੀ ਦਿੱਤੀ ਪ੍ਰਤੀਕਿਰਿਆ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ CJP ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੀਆਂ ਵੱਲ ਧਿਆਨ ਦਿਵਾਉਣ ਲਈ ਉਹ ਧੰਨਵਾਦੀ ਹਨ ਅਤੇ ਇਨ੍ਹਾਂ ਨੂੰ ਦੂਰ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ।

ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸੌਰਵ ਦਾਸ ਅਤੇ CJP ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਾਹਮਣੇ ਆਉਣ ਵਾਲੀਆਂ ਕਮੀਆਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਉਨ੍ਹਾਂ ਨੂੰ ਸਵੀਕਾਰ ਕਰਕੇ ਸੁਧਾਰਨਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ CJP ਟੀਮ ਨੇ ਲੁਧਿਆਣਾ ਦੇ ਜੰਡਿਆਲੀ ਕਲਾਂ ਸਰਕਾਰੀ ਸਕੂਲ ਦਾ ਵੀ ਦੌਰਾ ਕੀਤਾ ਸੀ। ਇਸ ਦੌਰਾਨ ਸਕੂਲ ਦੇ ਮਿਡ-ਡੇ ਮੀਲ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਸਕੂਲ ਦੇ ਮੁਖੀ ਅਧਿਆਪਕ ਨੇ ਕਿਹਾ ਸੀ ਕਿ ਸਕੂਲ ਹਰ ਕਿਸੇ ਲਈ ਖੁੱਲ੍ਹਾ ਹੈ ਅਤੇ ਕੋਈ ਵੀ ਆ ਕੇ ਸਕੂਲ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈ ਸਕਦਾ ਹੈ।