ਰੂਪਨਗਰ, 14 ਸਤੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ – 2026’ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਬਲਾਕ ਪੱਧਰੀ ਕ੍ਰਿਕਟ (ਟੈਨਿਸ ਬਾਲ) ਮੁਕਾਬਲੇ 16 ਅਤੇ 17 ਸਤੰਬਰ 2026 ਨੂੰ ਕਰਵਾਏ ਜਾਣਗੇ।
ਇਨ੍ਹਾਂ ਦੋ ਰੋਜ਼ਾ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਪੰਜ ਬਲਾਕਾਂ—ਰੂਪਨਗਰ, ਸ੍ਰੀ ਚਮਕੌਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਨੂਰਪੁਰਬੇਦੀ ਅਤੇ ਮੋਰਿੰਡਾ—ਦੇ ਖਿਡਾਰੀ ਭਾਗ ਲੈਣਗੇ। ਕ੍ਰਿਕਟ (ਟੈਨਿਸ ਬਾਲ) ਦੇ ਖੁੱਲ੍ਹੇ ਵਰਗ ਵਿੱਚ 14 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਹ ਮੁਕਾਬਲੇ ਸਾਰੇ ਬਲਾਕਾਂ ਵਿੱਚ ਨਿਰਧਾਰਿਤ ਖੇਡ ਮੈਦਾਨਾਂ ਵਿਖੇ ਇੱਕੋ ਸਮੇਂ ਸ਼ੁਰੂ ਹੋਣਗੇ।
ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਖੇਡ ਮੈਦਾਨਾਂ, ਖਿਡਾਰੀਆਂ ਦੀ ਰਜਿਸਟ੍ਰੇਸ਼ਨ, ਮੁਕਾਬਲਿਆਂ ਦੇ ਪ੍ਰਬੰਧ ਅਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਸ. ਜਗਜੀਵਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਅਗਲੇ ਪੜਾਅ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਉੱਚ ਪੱਧਰ ’ਤੇ ਪ੍ਰਦਰਸ਼ਿਤ ਕਰਨ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰ ਰਹੀਆਂ ਹਨ।
ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਨਿਰਧਾਰਿਤ ਖੇਡ ਮੈਦਾਨਾਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਿਹਤਮੰਦ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਦੱਸਿਆ ਕਿ ਕ੍ਰਿਕਟ (ਟੈਨਿਸ ਬਾਲ) ਮੁਕਾਬਲਿਆਂ ਲਈ ਖਿਡਾਰੀਆਂ ਦੀ ਰਜਿਸਟ੍ਰੇਸ਼ਨ 15 ਸਤੰਬਰ 2026 ਨੂੰ ਕੀਤੀ ਜਾਵੇਗੀ। ਖਿਡਾਰੀ ਨਿਰਧਾਰਿਤ ਮਿਤੀ ਨੂੰ ਆਪਣੇ ਸਬੰਧਤ ਬਲਾਕ ਦੇ ਖੇਡ ਸਥਾਨ ’ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਲਈ ਨਿਰਧਾਰਿਤ ਖੇਡ ਸਥਾਨ ਅਤੇ ਬਲਾਕ ਇੰਚਾਰਜ ਤਾਇਨਾਤ ਕੀਤੇ ਗਏ ਹਨ ਜਿਸ ਵਿੱਚ ਰੂਪਨਗਰ ਬਲਾਕ ਦੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਮੁਕਾਬਲੇ ਕਰਵਾਏ ਜਾਣਗੇ। ਇਸ ਬਲਾਕ ਦੇ ਇੰਚਾਰਜ ਸ. ਇੰਦਰਜੀਤ ਸਿੰਘ, ਹਾਕੀ ਕੋਚ ਹਨ ਅਤੇ ਉਨ੍ਹਾਂ ਨਾਲ ਮੋਬਾਈਲ ਨੰਬਰ 9478390005 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸ੍ਰੀ ਦਸਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁਕਾਬਲੇ ਹੋਣਗੇ। ਇਸ ਬਲਾਕ ਦੇ ਇੰਚਾਰਜ ਸ੍ਰੀ ਅਮਰਜੀਤ ਸਿੰਘ, ਫੁੱਟਬਾਲ ਕੋਚ ਹਨ ਅਤੇ ਉਨ੍ਹਾਂ ਨਾਲ ਮੋਬਾਈਲ ਨੰਬਰ 9041897725 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਚਮਕੌਰ ਸਾਹਿਬ ਬਲਾਕ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖਾਲਸਾ ਸਟੇਡੀਅਮ, ਸ੍ਰੀ ਚਮਕੌਰ ਸਾਹਿਬ ਵਿਖੇ ਮੁਕਾਬਲੇ ਕਰਵਾਏ ਜਾਣਗੇ। ਇਸ ਬਲਾਕ ਦੀ ਇੰਚਾਰਜ ਸ੍ਰੀਮਤੀ ਸ਼ੀਲ ਭਗਤ, ਬੈਡਮਿੰਟਨ ਕੋਚ ਹਨ ਅਤੇ ਉਨ੍ਹਾਂ ਨਾਲ ਮੋਬਾਈਲ ਨੰਬਰ 9463393823 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੋਰਿੰਡਾ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਠੇੜੀ, ਮੋਰਿੰਡਾ ਵਿਖੇ ਮੁਕਾਬਲੇ ਹੋਣਗੇ। ਇਸ ਬਲਾਕ ਦੇ ਇੰਚਾਰਜ ਸ੍ਰੀ ਨਰੇਸ਼ ਰਾਜੋਰੀਆ, ਤੈਰਾਕੀ ਕੋਚ ਹਨ ਅਤੇ ਉਨ੍ਹਾਂ ਨਾਲ ਮੋਬਾਈਲ ਨੰਬਰ 9316201636 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਨੂਰਪੁਰਬੇਦੀ ਬਲਾਕ ਦੇ ਡੀ.ਏ.ਵੀ. ਸਕੂਲ, ਤਖ਼ਤਗੜ੍ਹ ਵਿਖੇ ਮੁਕਾਬਲੇ ਕਰਵਾਏ ਜਾਣਗੇ। ਇਸ ਬਲਾਕ ਦੀ ਇੰਚਾਰਜ ਸ੍ਰੀਮਤੀ ਹਰਵਿੰਦਰ ਕੌਰ, ਕਬੱਡੀ ਕੋਚ ਹਨ ਅਤੇ ਉਨ੍ਹਾਂ ਨਾਲ ਮੋਬਾਈਲ ਨੰਬਰ 9915920800 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਖੇਡ ਅਫ਼ਸਰ ਸ., ਜਗਜੀਵਨ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾ ਰਹੇ ਇਹ ਮੁਕਾਬਲੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ, ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਅਤੇ ਜ਼ਿਲ੍ਹੇ ਦੀ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ, ਅਨੁਸ਼ਾਸਨ ਅਤੇ ਉਤਸ਼ਾਹ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।



















