ਨਵੀਂ ਦਿੱਲੀ: 15 Sep 2026 AJ DI Awaaj
National Desk : ਚੈੱਕ ਬਾਊਂਸ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਫਿਲਹਾਲ ਦੋ ਹਫ਼ਤਿਆਂ ਦੀ ਰਾਹਤ ਮਿਲੀ ਹੈ। ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਉਨ੍ਹਾਂ ਵੱਲੋਂ ਪੇਸ਼ ਸੀਨੀਅਰ ਵਕੀਲ ਨੇ ਅਦਾਲਤ ਤੋਂ ਇੱਕ ਹੋਰ ਮੌਕਾ ਦੇਣ ਦੀ ਅਪੀਲ ਕੀਤੀ। ਰਾਜਪਾਲ ਯਾਦਵ ਵੱਲੋਂ ਘੱਟੋ-ਘੱਟ 2 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੀ ਗੱਲ ਵੀ ਕਹੀ ਗਈ।
ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 5 ਅਕਤੂਬਰ ਨੂੰ ਰੱਖੀ ਹੈ।
CJI ਨੇ ਕੀਤੀ ਸਖ਼ਤ ਟਿੱਪਣੀ
ਸੁਣਵਾਈ ਦੌਰਾਨ ਸੀਜੇਆਈ ਸੂਰਿਆਕਾਂਤ ਨੇ ਰਾਜਪਾਲ ਯਾਦਵ ਦੇ ਪਿਛਲੇ ਰਵੱਈਏ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਤੋਂ ਅਦਾਲਤੀ ਹੁਕਮ ਦੀ ਪਾਲਣਾ ਦੀ ਉਮੀਦ ਹੈ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਰਾਜਪਾਲ ਯਾਦਵ ਅਦਾਕਾਰ ਹਨ ਅਤੇ ਉਮੀਦ ਹੈ ਕਿ ਉਹ ਅਦਾਲਤ ਵਿੱਚ ਵੀ “ਐਕਟਿੰਗ” ਨਹੀਂ ਕਰ ਰਹੇ।
ਅਦਾਲਤ ਨੇ ਉਨ੍ਹਾਂ ਨੂੰ ਆਖਰੀ ਮੌਕਾ ਦਿੰਦਿਆਂ ਨਿਰਧਾਰਤ ਸਮੇਂ ਅੰਦਰ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ।
ਪਾਸਪੋਰਟ ਜਮ੍ਹਾਂ ਕਰਵਾਉਣ ਦੇ ਹੁਕਮ
ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ 5 ਅਕਤੂਬਰ ਤੱਕ ਆਤਮ ਸਮਰਪਣ ਤੋਂ ਮਿਲੀ ਛੋਟ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।
ਕੀ ਹੈ ਪੂਰਾ ਮਾਮਲਾ?
ਇਹ ਮਾਮਲਾ ਸਾਲ 2010 ਵਿੱਚ ਰਾਜਪਾਲ ਯਾਦਵ ਦੀ ਫਿਲਮ ‘ਅਤਾ ਪਤਾ ਲਾਪਤਾ’ ਨਾਲ ਜੁੜਿਆ ਹੋਇਆ ਹੈ। ਫਿਲਮ ਦੇ ਨਿਰਮਾਣ ਲਈ ‘ਮੁਰਲੀ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ’ ਨਾਲ ਹੋਏ ਵਿੱਤੀ ਲੈਣ-ਦੇਣ ਦੌਰਾਨ ਜਾਰੀ ਕੀਤੇ ਗਏ ਸੱਤ ਚੈੱਕ ਬਾਊਂਸ ਹੋਣ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚਿਆ।
ਮਾਮਲੇ ਵਿੱਚ ਰਾਜਪਾਲ ਯਾਦਵ ਅਤੇ ਉਨ੍ਹਾਂ ਦੀ ਪਤਨੀ ਰਾਧਾ ਯਾਦਵ ਦਾ ਨਾਮ ਵੀ ਸਾਹਮਣੇ ਆਇਆ ਸੀ। ਦਿੱਲੀ ਹਾਈ ਕੋਰਟ ਵੱਲੋਂ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦੋਸ਼ੀ ਠਹਿਰਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ।
ਰਾਜਪਾਲ ਯਾਦਵ ਨੂੰ ਇਸ ਮਾਮਲੇ ਵਿੱਚ ਫਰਵਰੀ 2026 ਵਿੱਚ ਤਿਹਾੜ ਜੇਲ੍ਹ ਵੀ ਜਾਣਾ ਪਿਆ ਸੀ। ਹੁਣ ਸੁਪਰੀਮ ਕੋਰਟ ਦੀ ਅਗਲੀ ਸੁਣਵਾਈ 5 ਅਕਤੂਬਰ ਨੂੰ ਹੋਵੇਗੀ।



















