ਹੁਸ਼ਿਆਰਪੁਰ, 16 ਸਤੰਬਰ 2026 AJ DI Awaaj
Punjab Desk : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਸ਼ੁਰੂ ਹੋ ਚੁੱਕੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ ਦੱਸਿਆ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਜੋ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ ਜਿਸ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਜਾਂਦੀ ਹੈ। ਅਜਿਹਾ ਝੋਨਾ ਮੰਡੀਆਂ ਵਿਚ ਖਰੀਦਣ ਸਮੇਂ ਖਰੀਦ ਏਜੰਸੀਆਂ ਵਲੋਂ ਅਸਮਰੱਥਾ ਜਤਾਈ ਜਾਂਦੀ ਹੈ ਜਿਸ ਨਾਲ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਦਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਉਪਰੰਤ ਨਾੜ/ਪਰਾਲੀ ਦੀ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਨਾੜ/ਪਰਾਲੀ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ, ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੁੰਦਾ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਇਸ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਕਿਸੇ ਵੀ ਹਾਲਤ ਵਿਚ ਅੱਗ ਨਾ ਲਾਈ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕੰਬਾਇਲ ਮਾਲਕਾਂ ਨੂੰ ਕਟਾਈ ਦੌਰਾਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਕੰਬਾਇਨਾਂ ’ਤੇ ਲਾਉਣ ਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਜ਼ਿਲ੍ਹੇ ਵਿਚ ਕੋਈ ਵੀ ਕੰਬਾਇਨ ਬਿਨਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਦੇ ਕਟਾਈ ਨਹੀਂ ਕਰੇਗੀ ਅਤੇ ਸਾਰੀਆਂ ਕੰਬਾਇਨਾਂ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਕਟਾਈ ਨਹੀਂ ਕਰਨਗੀਆਂ। ਇਹ ਹੁਕਮ 14 ਨਵੰਬਰ 2026 ਤੱਕ ਲਾਗੂ ਰਹਿਣਗੇ।



















