ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਜਨ-ਭਾਗੀਦਾਰੀ ਨਾਲ ਮਿਲੀ ਹੋਰ ਮਜ਼ਬੂਤੀ

2
ਮਾਲੇਰਕੋਟਲਾ, 17 ਸਤੰਬਰ 2026 Aj DI Awaaj
Punjab Desk :        ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ ਹੋਣ ਮੌਕੇ ਪੰਜਾਬ ਉਰਦੂ ਅਕਾਦਮੀ ਵਿਖੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕਰਵਾਈ ਗਈ। ਇਸ ਦੌਰਾਨ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਮੁਹਿੰਮ ਨੂੰ ਹੋਰ ਨਤੀਜਾ ਮੁਖੀ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
           ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ਇਸ ਮੁਹਿੰਮ ਦਾ ਮੰਤਵ ਕੇਵਲ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਰਾਹੀਂ ਨਵੀਂ ਜ਼ਿੰਦਗੀ ਵੱਲ ਲਿਜਾਣਾ ਵੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਉਸਾਰੂ ਮੌਕਿਆਂ ਵੱਲ ਮੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਇਸ ਸਮਾਜਿਕ ਲੜਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ ਦਿੱਤਾ।
               ਐਸ.ਡੀ.ਐਮ. ਮਾਲੇਰਕੋਟਲਾ ਕਨੂ ਗਰਗ ਨੇ ਕਿਹਾ ਕਿ ਮੁਹੱਲਾ ਅਤੇ ਪਿੰਡ ਪੱਧਰ ’ਤੇ ਸਰਗਰਮ ਕਮੇਟੀਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਮਜ਼ਬੂਤ ਆਧਾਰ ਬਣ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਲਾਜ ਤੇ ਮੁੜ ਵਸੇਬਾ ਸੇਵਾਵਾਂ ਨਾਲ ਜੋੜਨ ਲਈ ਸੰਵੇਦਨਸ਼ੀਲ ਅਤੇ ਸਹਿਯੋਗੀ ਪਹੁੰਚ ਅਪਣਾਈ ਜਾਵੇ।
                ਡੀ.ਐਸ.ਪੀ. ਮਾਲੇਰਕੋਟਲਾ ਮਾਨਵਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਨਾਲ ਜੁੜੇ ਅਨਸਰਾਂ ਖਿਲਾਫ਼ ਕਾਨੂੰਨੀ ਕਾਰਵਾਈ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਣ ਵਾਲੀ ਭਰੋਸੇਯੋਗ ਸੂਚਨਾ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।
          ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜਾਫਰ ਅਲੀ, ਚੇਅਰਮੈਨ ਬਲਾਕ ਸੰਮਤੀ ਸੰਤੋਖ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਹਲਕਾ ਕੋਆਰਡੀਨੇਟਰ ਨਸ਼ਾ ਛੁਡਾਊ ਕਮੇਟੀ ਸਿੰਗਾਰਾ ਸਿੰਘ ਸਮੇਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ, ਬਲਾਕ ਕੋਆਰਡੀਨੇਟਰ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ ।