ਨੰਗਲ 21 ਸਤੰਬਰ 2026 AJ DI Awaaj
Punjab Desk : ਨੰਗਲ ਸ਼ਹਿਰ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਣੀ ਦੀ ਸਪਲਾਈ ਅਤੇ ਸਫਾਈ ਨਾਲ ਸਬੰਧਤ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਤਹਿਤ ਵਾਰਡ ਨੰਬਰ- 4 ਵਿੱਚ ਪਾਣੀ ਦੀ ਨਵੀਂ ਪਾਈਪ ਲਾਈਨ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਸ਼ੁੱਧ ਸਤਲੁਜ ਦਾ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਨੂੰ ਹੋਰ ਮਜ਼ਬੂਤੀ ਮਿਲੇਗੀ। ਪਾਣੀ ਦੀ ਗੁਣਵੱਤਾ ਅਤੇ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਵਾਰਡ ਨੰਬਰ 11, 12 ਅਤੇ 13 ਦੇ ਵਸਨੀਕਾਂ ਲਈ ਵੀ ਪਾਣੀ ਦੀ ਸਪਲਾਈ ਸਬੰਧੀ ਮਹੱਤਵਪੂਰਨ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਾਰਡਾਂ ਵਿੱਚ ਅਗਲੇ ਛੇ ਮਹੀਨਿਆਂ ਦੇ ਅੰਦਰ-ਅੰਦਰ 24 ਘੰਟੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਪਾਣੀ ਦੀ ਉਪਲੱਬਧਤਾ ਸਬੰਧੀ ਦਰਪੇਸ਼ ਮੁਸ਼ਕਿਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਲਗਾਤਾਰ ਪਾਣੀ ਦੀ ਸਪਲਾਈ ਨਾਲ ਘਰੇਲੂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਸ਼ਹਿਰ ਵਿੱਚ ਸਾਫ-ਸੁਥਰੀ ਅਤੇ ਸੁਚੱਜੀ ਜੀਵਨਸ਼ੈਲੀ ਨੂੰ ਵੀ ਉਤਸ਼ਾਹ ਮਿਲੇਗਾ।
ਸ੍ਰ.ਬੈਂਸ ਨੇ ਕਿਹਾ ਕਿ ਇਸੇ ਤਰ੍ਹਾਂ ਵਾਰਡ ਨੰਬਰ 5 ਵਿੱਚ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਦੋ ਨਵੇਂ ਬੋਰ ਕੀਤੇ ਜਾ ਰਹੇ ਹਨ। ਨਵੇਂ ਬੋਰਾਂ ਰਾਹੀਂ ਪਾਣੀ ਦੀ ਉਪਲੱਬਧਤਾ ਨੂੰ ਵਧਾਉਣ ਅਤੇ ਸਪਲਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪਾਣੀ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਇਹ ਕੰਮ ਨੰਗਲ ਵਾਸੀਆਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਜਾ ਰਹੇ ਹਨ।
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਰੋਜ਼ਾਨਾ ਹਰ ਵਾਰਡ ਵਿੱਚ ਖੁੱਦ ਜਾ ਕੇ ਸਫਾਈ ਮੁਹਿੰਮ ਦਾ ਜਾਇਜ਼ਾ ਲੈ ਰਹੇ ਹਨ। ਅੱਜ ਵਾਰਡ ਨੰਬਰ 3 ਵਿੱਚ ‘ਮਿਸ਼ਨ ਕਲੀਨ’ ਤਹਿਤ ਸਫਾਈ ਮੁਹਿੰਮ ਲਗਾਤਾਰ ਜਾਰੀ ਹੈ। ਸਫਾਈ ਕਰਮਚਾਰੀਆਂ ਅਤੇ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਗਲੀਆਂ, ਸੜਕਾਂ ਅਤੇ ਹੋਰ ਜਨਤਕ ਥਾਵਾਂ ਦੀ ਸਫਾਈ ਕੀਤੀ ਜਾ ਰਹੀ ਹੈ। ਕੂੜੇ ਦੀ ਚੁਕਾਈ, ਸਫਾਈ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮੁਹਿੰਮ ਦਾ ਉਦੇਸ਼ ਨੰਗਲ ਸ਼ਹਿਰ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਉਣਾ ਹੈ, ਤਾਂ ਜੋ ਵਸਨੀਕਾਂ ਨੂੰ ਸਾਫ ਵਾਤਾਵਰਣ ਮਿਲ ਸਕੇ।
‘ਮਿਸ਼ਨ ਕਲੀਨ’ ਤਹਿਤ ਨੰਗਲ ਦੇ ਕਿਸੇ ਵੀ ਹਿੱਸੇ ਨੂੰ ਸਫਾਈ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸ਼ਹਿਰ ਦੇ ਕੋਨੇ-ਕੋਨੇ ਦੀ ਸਫਾਈ ਯਕੀਨੀ ਬਣਾਉਣ ਲਈ ਕਾਰਜ ਜਾਰੀ ਰੱਖੇ ਜਾਣਗੇ। ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਨ ਅਤੇ ਸਫਾਈ ਪ੍ਰਬੰਧ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਆਪਣੇ ਆਲੇ-ਦੁਆਲੇ ਨੂੰ ਸਾਫ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਾਰਜਾਂ ਨੂੰ ਤਰਜੀਹ ਦੇ ਕੇ ਨੰਗਲ ਨੂੰ ਹੋਰ ਬਿਹਤਰ ਅਤੇ ਸੁਚੱਜਾ ਬਣਾਉਣ ਵੱਲ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।



















