ਸ਼ੇਰਪੁਰ/ਧੂਰੀ, 21 ਸਤੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਦੀ ਲੋਕ-ਪੱਖੀ ਪਹਿਲਕਦਮੀ ‘ਰੰਗਲਾ ਪੰਜਾਬ, ਸਿਹਤਮੰਦ ਪੰਜਾਬ’ ਤਹਿਤ ਅੱਜ ਪਿੰਡ ਬਾਲੀਆਂ ਵਿਖੇ ਲਗਾਏ ਗਏ ਵਿਸ਼ਾਲ ਅੱਖਾਂ ਦੇ ਜਾਂਚ ਕੈਂਪ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਉਦਘਾਟਨ ਕੀਤਾ ਗਿਆ। ‘ਸਿਹਤਮੰਦ ਅੱਖਾਂ, ਸੁਖਾਲਾ ਪੰਜਾਬ’ ਦੇ ਸੰਦੇਸ਼ ਨਾਲ ਲਗਾਏ ਗਏ ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਮੇਂ ‘ਤੇ ਜਾਂਚ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਅੱਖਾਂ ਦੀ ਸਿਹਤ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹੈ ਅਤੇ ਸਮੇਂ ਸਿਰ ਜਾਂਚ ਕਰਵਾਉਣ ਨਾਲ ਅੱਖਾਂ ਦੀਆਂ ਕਈ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਅਜਿਹੇ ਸਿਹਤ ਕੈਂਪ ਅਹਿਮ ਭੂਮਿਕਾ ਨਿਭਾਉਂਦੇ ਹਨ।
ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਅੱਖਾਂ ਨਾਲ ਸਬੰਧਤ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।
ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸੁਖਵੰਤ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸਿਹਤ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀਆਂ ਅੱਖਾਂ ਦੀ ਨਿਯਮਤ ਜਾਂਚ ਕਰਵਾਉਣ ਨੂੰ ਤਰਜੀਹ ਦੇਣ।
ਇਸ ਮੌਕੇ ਸਤਨਾਮ ਸਿੰਘ, ਸੁਖਵੰਤ ਸਿੰਘ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।



















