ਪੰਜਾਬ ਸਰਕਾਰ ਨੇ ਜਮੀਨੀ ਪੱਧਰ ‘ਤੇ ਖੇਡਾਂ ਨੂੰ ਦਿੱਤਾ ਵੱਡਾ ਹੁਲਾਰਾ

2

ਹੁਸ਼ਿਆਰਪੁਰ, 23 ਸਤੰਬਰ 2026 AJ DI Awaaj

Punjab Desk    : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਨੇੜਲੇ ਪਿੰਡ ਸਲੇਮਪੁਰ ਵਿਖੇ ਉਦਘਾਟਨ ਕਰਦਿਆਂ ਚੱਬੇਵਾਲ ਤੋਂ ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਕਿਹਾ ਕਿ ਰਾਜ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਵੱਡਾ ਹੁਲਾਰਾ ਦਿੱਤਾ, ਜਿਸ ਸਦਕਾ ਸੂਬੇ ਵਿਚ ਖੇਡ ਸੱਭਿਆਚਾਰ ਹੋਰ ਮਜ਼ਬੂਤ ਹੋਇਆ ਹੈ।
ਬਲਾਕ ਪੱਧਰੀ ਸਕੂਲੀ ਖੇਡਾਂ ਬਾਰੇ ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਮੁੱਖ ਉਦੇਸ਼ ਵੀ ਸੂਬੇ ਦੇ ਹਰ ਕੋਨੇਂ ਵਿਚ ਹੇਠਲੇ ਪੱਧਰ ਤੱਕ ਹਰ ਉਮਰ ਵਰਗ ਦੇ ਚਾਹਵਾਨ ਖਿਡਾਰੀਆਂ ਨੂੰ ਆਪਣੀਆਂ ਪਸੰਦੀਦਾ ਖੇਡਾਂ ਵਿਚ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਾ  ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵਲੋਂ ਪਿੰਡਾਂ ਵਿਚ 1100 ਕਰੋੜ ਰੁਪਏ ਦੀ ਲਾਗਤ ਨਾਲ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ, ਜੋ ਪੰਜਾਬ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਨਾਮਣਾ ਕੱਟਣ ਦੇ ਸਮਰਥ ਬਣਾਉਣਗੇ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋ ਸੂਬੇ ਵਿੱਚ ਪਿੰਡਾਂ ਅੰਦਰ 6000 ਇੰਡੋਰ ਜਿਮ ਵੀ ਬਣਾਏ ਜਾ ਰਹੇ ਹਨ, ਜੋ ਪੰਜਾਬੀਆਂ ਨੂੰ ਸਿਹਤਮੰਦ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਕਦ ਇਨਾਮ ਨਾਲ ਨਿਵਾਜਿਆ ਜਾ ਰਿਹਾ ਹੈ ਜਿਸ ਵਿੱਚ ਓਲੰਪਿਕ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਰਾਸ਼ੀ ਅਤੇ ਸਰਕਾਰੀ ਨੌਕਰੀਆਂ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕ੍ਰਿਕਟਰ ਹਰਮਨਪ੍ਰੀਤ ਕੌਰ, ਜਿਸ ਦੀ ਕਪਤਾਨੀ ਵਿਚ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਅਨ ਖੇਡਾਂ ਵਿਚ ਸੋਨ ਤਮਗਾ ਜਿੱਤਿਆ ਹੈ, ਨੂੰ ਵੀ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਹੋਰ ਹੁਲਾਰਾ ਦੇ ਕੇ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਮੌਕੇ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀ ਰਹਿਣ ਦੇਵੇਗੀ। ਉਨ੍ਹਾਂ ਬਲਾਕ ਪੱਧਰਾ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਪੁਰਹੀਰਾਂ, ਮਾਨਾ, ਅੱਤੋਵਾਲ, ਪਿਆਲਾਂ ਅਤੇ ਸ਼ੇਰਗੜ੍ਹ ਕਲਸਟਰ ਦੇ ਖਿਡਾਰੀਆਂ ਨੂੰ ਪੁਰੀ ਖੇਡ ਅਤੇ ਅਨੁਸ਼ਾਸਨ ਨਾਲ ਖੇਡਣ ਲਈ ਪ੍ਰੇਰਦਿਆਂ ਕਿਹਾ ਕਿ ਖੇਡਾਂ ਜੀਵਨ ਦਾ ਅਨਿੱਖੜਵਾਂ ਅੰਗ ਹਨ ਜਿਸ ਨੂੰ ਹਰ ਨੌਜਵਾਨ ਨੂੰ ਅਪਣਾਉਣਾਂ ਚਾਹੀਦਾ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਨਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਕੈਪਸ਼ਨ: ਵਿਧਾਇਕ ਡਾ. ਇਸ਼ਾਂਕ ਕੁਮਾਰ ਪਿੰਡ ਸਲੇਮਪੁਰ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕਰਦੇ ਹੋਏ।