ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ

2

ਫਾਜ਼ਿਲਕਾ, 24 ਸਤੰਬਰ 2026 AJ DI Awaaj

Punjab Desk :  ਜ਼ਿਲ੍ਹਾ ਫਾਜ਼ਿਲਕਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਕੁਲਵੰਤ ਸਿੰਘ ਵੱਲੋਂ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਾ. ਕੁਲਵੰਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਨਿਰਧਾਰਤ ਖੇਤਰਾਂ ਵਿੱਚ ਕਿਸਾਨਾਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਪੱਧਰ ‘ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਇਨ-ਸੀਟੂ ਅਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਸਬੰਧੀ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਜਾਂ ਇਸ ਦੀ ਸੁਚੱਜੀ ਵਰਤੋਂ ਲਈ ਉਪਲਬਧ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਜਾਵੇ।

ਡਾ. ਕੁਲਵੰਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ, ਵਾਤਾਵਰਣ ਅਤੇ ਮਨੁੱਖੀ ਸਿਹਤ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਵਿਹਾਰਕ ਵਿਕਲਪ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ।

ਮੀਟਿੰਗ ਦੌਰਾਨ ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਖੇਤਾਂ ਦੀ ਨਿਗਰਾਨੀ ਕਰਨ, ਕਿਸਾਨਾਂ ਨਾਲ ਸੰਪਰਕ ਵਧਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਯਮਿਤ ਰਿਪੋਰਟਿੰਗ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।

ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਭਾਗੀ ਟੀਮਾਂ ਵੱਲੋਂ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਜਾਵੇ।