1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

2
ਬਰਨਾਲਾ, 28 ਸਤੰਬਰ 2026 AJ DI Awaaj
Punjab Desk :      ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨਾਂ ਦੀ ਫ਼ਸਲ ਨਿਰਵਿਘਨ ਖਰੀਦਣ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
     ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 8.95 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਦੀ ਉਮੀਦ ਹੈ, ਜਿਸ ਲਈ 104 ਮੰਡੀਆਂ ਨੂੰ ਖ਼ਰੀਦ ਕੇਂਦਰ ਵਜੋਂ ਨਿਰਧਾਰਿਤ ਕੀਤਾ ਗਿਆ ਹੈ। ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਸਫ਼ਾਈ, ਬਾਰਦਾਨੇ ਅਤੇ ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਤੋਂ ਲੈ ਕੇ ਲਿਫ਼ਟਿੰਗ ਤੱਕ ਦੀ ਪੂਰੀ ਪ੍ਰਕਿਰਿਆ ’ਤੇ ਪ੍ਰਸ਼ਾਸਨ ਦੀ ਨਜ਼ਰ ਰਹੇਗੀ। ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਜਿਣਸ ਵੇਚਣ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਫ਼ਸਲ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕਰਵਾਉਣ ਅਤੇ ਨਿਰਧਾਰਿਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ। ਸੁੱਕੀ ਫ਼ਸਲ ਆਉਣ ਨਾਲ ਖ਼ਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਸਮੱਸਿਆ ਦੀ ਬਜਾਏ ਇੱਕ ਲਾਹੇਵੰਦ ਸਰੋਤ ਵਜੋਂ ਦੇਖਿਆ ਜਾਵੇ। ਕਿਸਾਨ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਖੇਤ ਦੇ ਅੰਦਰ ਜਾਂ ਬਾਹਰ ਪਰਾਲੀ ਦਾ ਸੁਚੱਜਾ ਨਿਪਟਾਰਾ ਕਰਨ। ਇਸ ਨਾਲ ਵਾਤਾਵਰਨ ਨੂੰ ਧੂੰਏਂ ਤੋਂ ਮੁਕਤ ਰੱਖਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।
ਉਨ੍ਹਾਂ ਨੇ ਕਿਸਾਨਾਂ ਨੂੰ “ਸੁੱਕਾ ਝੋਨਾ ਮੰਡੀ ਵਿੱਚ ਅਤੇ ਪਰਾਲੀ ਸੁਚੱਜੇ ਪ੍ਰਬੰਧ ਵੱਲ” ਦਾ ਸੁਨੇਹਾ ਅਪਣਾ ਕੇ ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਕਿਹਾ।