ਮੋਗਾ: 28 Sep 2026 AJ DI Awaaj
Punjab Desk : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ ਵਿਖੇ ਤਾਇਨਾਤ ਐਸ.ਐਚ.ਓ. ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਦੇ ਮਾਮਲੇ ਵਿੱਚ ਕਾਬੂ ਕੀਤਾ ਹੈ।
1 ਲੱਖ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਜ਼ਿਲ੍ਹਾ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੀ.ਐਚ.ਜੀ. ਗੁਰਅਵਤਾਰ ਸਿੰਘ ਨੇ ਉਸ ਤੋਂ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਮੁਤਾਬਕ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਥਾਣਾ ਕੋਟ ਈਸੇ ਖਾਂ ਵਿਖੇ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਫਸਾਉਣ ਦੀ ਧਮਕੀ ਦਿੱਤੀ ਗਈ ਸੀ। ਬਾਅਦ ਵਿੱਚ ਰਕਮ 80,000 ਰੁਪਏ ਕਰਨ ’ਤੇ ਸਹਿਮਤੀ ਹੋਈ। ਵਿਜੀਲੈਂਸ ਮੁਤਾਬਕ ਪੀ.ਐਚ.ਜੀ. ਗੁਰਅਵਤਾਰ ਸਿੰਘ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈ ਚੁੱਕਾ ਸੀ ਅਤੇ ਹੋਰ 60,000 ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।
50 ਹਜ਼ਾਰ ਰੁਪਏ ਦੀ ਰਕਮ SHO ਲਈ ਹੋਣ ਦਾ ਦਾਅਵਾ ਤਫ਼ਤੀਸ਼ ਦੌਰਾਨ ਵਿਜੀਲੈਂਸ ਨੂੰ ਪਤਾ ਲੱਗਿਆ ਕਿ ਰਿਸ਼ਵਤ ਦੀ ਰਕਮ ਵਿੱਚੋਂ 50,000 ਰੁਪਏ ਐਸ.ਐਚ.ਓ. ਇੰਸਪੈਕਟਰ ਸੁਨੀਤਾ ਬਾਵਾ ਲਈ ਹੋਣ ਦਾ ਦੋਸ਼ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵੀ.ਬੀ. ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਜਾਲ ਵਿਛਾਇਆ ਗਿਆ
ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕਾਰਵਾਈ ਵਿਜੀਲੈਂਸ ਬਿਊਰੋ ਦੇ ਅਨੁਸਾਰ, ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕੀਤੀ ਕਾਰਵਾਈ ਦੌਰਾਨ ਇੰਸਪੈਕਟਰ ਸੁਨੀਤਾ ਬਾਵਾ ਨੂੰ 50,000 ਰੁਪਏ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਪੀ.ਐਚ.ਜੀ. ਗੁਰਅਵਤਾਰ ਸਿੰਘ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ
ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਵੀ.ਬੀ. ਥਾਣਾ ਫਿਰੋਜ਼ਪੁਰ ਵਿਖੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ



















