ਮਾਲੇਰਕੋਟਲਾ, 29 ਸਤੰਬਰ 2026 AJ DI Awaaj
Punjab Desk : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ 9ਵਾਂ ਰਾਸ਼ਟਰੀ ਪੋਸ਼ਣ ਮਾਹ ਮਨਾਇਆ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਲਾਭਪਾਤਰੀਆਂ ਵੱਲੋਂ ਪੋਸ਼ਣ ਦੀ ਮਹੱਤਤਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਕੁਪੋਸ਼ਣ ਦੇ ਖਾਤਮੇ ਲਈ ਆਪਣੀ ਭੂਮਿਕਾ ਨਿਭਾਉਣ ਸਬੰਧੀ ਸਹੁੰ ਚੁੱਕੀ ਗਈ।
ਰਾਸ਼ਟਰੀ ਪੋਸ਼ਣ ਮਾਹ ਦਾ ਮੁੱਖ ਉਦੇਸ਼ ਲੋਕਾਂ ਨੂੰ ਸਹੀ ਪੋਸ਼ਣ, ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਬੱਚਿਆਂ ਦੇ ਤੰਦਰੁਸਤ ਬਚਪਨ ਲਈ ਉਮਰ ਅਨੁਸਾਰ ਪੌਸ਼ਟਿਕ ਖੁਰਾਕ ਦੇਣ ਦੇ ਨਾਲ-ਨਾਲ ਖੇਡ-ਖੇਡ ਵਿੱਚ ਸਿੱਖਿਆ ਦੇਣਾ ਵੀ ਜ਼ਰੂਰੀ ਹੈ। ਇਸ ਤੋਂ ਇਲਾਵਾ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਖੁਰਾਕ ਅਤੇ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸਮੂਹ ਆਂਗਣਵਾੜੀ ਕੇਂਦਰ ਪੋਸ਼ਣ ਅਤੇ ਸਿਹਤ ਸਬੰਧੀ ਜਾਗਰੂਕਤਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਪੋਸ਼ਣ ਮਾਹ ਦੌਰਾਨ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਨੂੰ ਸੰਤੁਲਿਤ ਖੁਰਾਕ, ਪੌਸ਼ਟਿਕ ਭੋਜਨ, ਸਫ਼ਾਈ, ਸਿਹਤ ਸੰਭਾਲ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਕੁਪੋਸ਼ਣ ਵਿਰੁੱਧ ਲੜਾਈ ਵਿੱਚ ਪਰਿਵਾਰ ਅਤੇ ਸਮਾਜ ਦੀ ਸਰਗਰਮ ਭਾਗੀਦਾਰੀ ਬੇਹਦ ਜ਼ਰੂਰੀ ਹੈ। ਇਸ ਦੌਰਾਨ ਆਂਗਣਵਾੜੀ ਕੇਂਦਰਾਂ ਵਿੱਚ ਸਾਫ਼-ਸਫ਼ਾਈ, ਹੱਥ ਧੋਣ ਦੀ ਆਦਤ, ਸਾਫ਼ ਪਾਣੀ ਦੀ ਵਰਤੋਂ ਅਤੇ ਨਿੱਜੀ ਸਫ਼ਾਈ ਸਬੰਧੀ ਵੀ ਜਾਗਰੂਕ ਕੀਤਾ ਗਿਆ। ਬੱਚਿਆਂ ਅਤੇ ਮਾਪਿਆਂ ਨੂੰ ਪੋਸ਼ਣ ਦੀ ਮਹੱਤਤਾ ਸਮਝਾਉਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਪੋਸ਼ਣ ਅਤੇ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕੁਪੋਸ਼ਣ ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ।



















