ਸੰਗਰੂਰ, 29 ਸਤੰਬਰ 2026 AJ DI Awaaj
Punjab Desk : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਸਕੂਲ ਆਫ਼ ਐਮੀਨੈਂਸ, ਸੰਗਰੂਰ (ਨੀਲ ਕੋਠੀ) ਵਿਖੇ ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਮੌਕੇ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ੍ਰੀ ਆਸ਼ੀਸ਼ ਠਠਈ, ਪੀ.ਸੀ.ਐੱਸ. ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਦਿਵਿਆਂਗ ਬੱਚਿਆਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਦਿਵਿਆਂਗਤਾ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਣਵਾਉਣ ਦੀ ਪ੍ਰਕਿਰਿਆ ਨੂੰ ਸੁਖਾਲਾ ਅਤੇ ਪਹੁੰਚਯੋਗ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਦਿਵਿਆਂਗ ਵਿਅਕਤੀਆਂ ਦੀ ਪਛਾਣ ਅਤੇ ਤਸਦੀਕ ਲਈ ਇੱਕ ਇਕਹਿਰੇ ਦਸਤਾਵੇਜ਼ ਵਜੋਂ ਕੰਮ ਕਰਦਾ ਹੈ, ਜਿਸ ਰਾਹੀਂ ਉਹ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) (ਮਾਨਸਿਕ ਤੌਰ ’ਤੇ ਦਿਵਿਆਂਗ ਵਿਅਕਤੀਆਂ ਅਤੇ ਬੌਧਿਕ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਕਾਨੂੰਨੀ ਸੇਵਾਵਾਂ) ਸਕੀਮ, 2024 ਅਤੇ ਨਾਲਸਾ (ਬੱਚਿਆਂ ਲਈ ਬਾਲ-ਮਿੱਤਰ ਕਾਨੂੰਨੀ ਸੇਵਾਵਾਂ) ਸਕੀਮ, 2024 ਤਹਿਤ ਇਹ ਕੈਂਪ ਲਗਾਇਆ ਗਿਆ ਹੈ।
ਕੈਂਪ ਦੌਰਾਨ ਦਿਵਿਆਂਗਤਾ ਸਰਟੀਫਿਕੇਟ/ਯੂ.ਡੀ.ਆਈ.ਡੀ. ਕਾਰਡ ਲਈ ਕੁੱਲ 35 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਸਿਵਲ ਸਰਜਨ ਦਫ਼ਤਰ ਤੋਂ ਡਾਕਟਰਾਂ ਦੀ ਟੀਮ ਅਤੇ ਲੋੜੀਂਦੀਆਂ ਸਹੂਲਤਾਂ ਨਾਲ ਸੇਵਾ ਕੇਂਦਰ ਦਾ ਸਟਾਫ਼ ਬਿਨੈਕਾਰਾਂ ਦੀ ਸਹਾਇਤਾ ਲਈ ਮੌਜੂਦ ਰਿਹਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਕੈਂਪ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਤਾਂ ਜੋ ਯੋਗ ਵਿਦਿਆਰਥੀ ਇਸ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਪੈਰਾ-ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਬਿਨੈਕਾਰਾਂ ਨੂੰ ਲੋੜੀਂਦੀ ਜਾਣਕਾਰੀ ਦੇਣ ਦੇ ਨਾਲ-ਨਾਲ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਅਥਾਰਟੀ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਦਿਵਿਆਂਗ ਬੱਚਾ ਸਰਕਾਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ੇਸ਼ ਕੈਂਪ ਭਵਿੱਖ ਵਿੱਚ ਵੀ ਲਗਾਤਾਰ ਆਯੋਜਿਤ ਕੀਤੇ ਜਾਣਗੇ।



















