ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚੇ

20

ਜਲੰਧਰ: 30 Sep 2026 AJ DI Awaaj

Punjab Desk :   ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚ ਗਏ ਹਨ। ਆਪਣੇ ਦੌਰੇ ਦੌਰਾਨ ਉਹ ਸਭ ਤੋਂ ਪਹਿਲਾਂ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਭਾਜਪਾ ਵੱਲੋਂ ਕਰਵਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਮਹਾਂਰੈਲੀ ਵਿੱਚ ਸ਼ਿਰਕਤ ਕਰਨਗੇ।

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਕਾਰਗੁਜ਼ਾਰੀ ਕਾਰਨ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ।

ਭਾਜਪਾ ਵੱਲੋਂ 18 ਸਤੰਬਰ ਨੂੰ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਜਲੰਧਰ ਵਿੱਚ ਸਮਾਪਤੀ ਸਮਾਗਮ ਹੋ ਰਿਹਾ ਹੈ। ਪਾਰਟੀ ਮੁਤਾਬਕ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਇਲਾਕਿਆਂ ਤੱਕ ਪਹੁੰਚੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ’ਤੇ ਕੇਂਦਰਿਤ ਰਹੀ।

ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਸਰਹੱਦ ਪਾਰੋਂ ਹੋ ਰਹੀ ਤਸਕਰੀ ’ਤੇ ਕਾਬੂ ਪਾਉਣ ਲਈ ਕਦਮ ਚੁੱਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਮਾਪਨ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਅੰਤ ਨਹੀਂ ਹੈ।

ਇਸ ਦੌਰਾਨ ਅਮਿਤ ਸ਼ਾਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਵੀ ਕਰਨਗੇ। ਹੁਣ ਸਭ ਦੀ ਨਜ਼ਰ ਜਲੰਧਰ ਮਹਾਂਰੈਲੀ ਵਿੱਚ ਉਨ੍ਹਾਂ ਦੇ ਸੰਬੋਧਨ ’ਤੇ ਹੈ, ਜਿੱਥੇ ਉਹ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਸਮੇਤ ਹੋਰ ਸਿਆਸੀ ਅਤੇ ਸਮਾਜਿਕ ਮਾਮਲਿਆਂ ’ਤੇ ਗੱਲ ਕਰ ਸਕਦੇ ਹਨ।