ਐੱਸ.ਸੀ. ਕਿਸਾਨਾਂ ਨੂੰ ਮਿਲੇਗੀ 50 ਫੀਸਦੀ ਸਬਸਿਡੀ

3

ਮਾਲੇਰਕੋਟਲਾ, 30 ਸਤੰਬਰ 2026 AJ DI Awaaj

Punjab Desk :    ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਨਾਲ ਜੋੜਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਨਾਲ ਸਬੰਧਤ ਵੱਖ-ਵੱਖ ਮਸ਼ੀਨਾਂ ਉੱਪਰ ਸਬਸਿਡੀ ਮੁਹੱਈਆ ਕਰਵਾਉਣ ਲਈ ਅਨੁਸੂਚਿਤ ਜਾਤੀ (ਐੱਸ.ਸੀ.) ਨਾਲ ਸਬੰਧਤ ਵਿਅਕਤੀਗਤ ਕਿਸਾਨਾਂ ਤੋਂ ਮੁੜ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

                     ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਯੋਗ ਐੱਸ.ਸੀ. ਕਿਸਾਨਾਂ ਨੂੰ ਸਕੀਮ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 50 ਫੀਸਦੀ ਸਬਸਿਡੀ ’ਤੇ ਉਪਲਬਧ ਕਰਵਾਈਆਂ ਜਾਣਗੀਆਂ। ਕਿਸਾਨ ਇਸ ਸਕੀਮ ਤਹਿਤ agrimachinerypb.com ਆਨਲਾਈਨ ਪੋਰਟਲ ਰਾਹੀਂ ਵਿਅਕਤੀਗਤ ਕੰਪੋਨੈਂਟ ਅਧੀਨ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।

                     ਡਾ. ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਸਕੀਮ ਤਹਿਤ ਸੁਪਰ ਐੱਸ.ਐੱਮ.ਐੱਸ., ਹੈਪੀ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਸਰਫੇਸ ਸੀਡਰ ਅਤੇ ਉਲਟਾਵੇਂ ਪਲਾਓ ਆਦਿ ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਸਬਸਿਡੀ ਦੀ ਦਰ ਅਤੇ ਹੋਰ ਸ਼ਰਤਾਂ ਸਕੀਮ ਦੀਆਂ ਨਿਰਧਾਰਤ ਗਾਈਡਲਾਈਨਾਂ ਅਨੁਸਾਰ ਲਾਗੂ ਹੋਣਗੀਆਂ।

                     ਉਨ੍ਹਾਂ ਦੱਸਿਆ ਕਿ ਅਰਜ਼ੀਆਂ ਦੀ ਚੋਣ ਅਪਲਾਈ ਕਰਨ ਦੀ ਮਿਤੀ ਦੀ ਤਰਜੀਹ ਦੇ ਆਧਾਰ ’ਤੇ ਕੀਤੀ ਜਾਵੇਗੀ। ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਸਕੀਮ ਅਧੀਨ ਉਪਲਬਧ ਫੰਡਾਂ ਦੇ ਅਨੁਸਾਰ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ’ਤੇ ਯੋਗ ਅਰਜ਼ੀਕਾਰਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

                     ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ। ਇਸ ਨਾਲ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਵਿੱਚ ਵੀ ਮਦਦ ਮਿਲਦੀ ਹੈ।

                      ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਜਾਂ ਆਪਣੇ ਸਬੰਧਤ ਖੇਤੀਬਾੜੀ ਬਲਾਕ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ ਨਾਲ ਸੰਪਰਕ ਕਰ ਸਕਦੇ ਹਨ।