ਰੂਪਨਗਰ, 30 ਸਤੰਬਰ 2026 AJ DI Awaaj
Punjab Desk : ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਹਾੜੀ ਦੇ ਮੌਸਮ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਡਰੀਮ ਡੈਸਟੀਨੇਸ਼ਨ ਪੈਲੇਸ ਰੂਪਨਗਰ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਦਾ ਅਹਿਮ ਯੋਗਦਾਨ ਹੈ ਅਤੇ ਕਿਸਾਨਾਂ ਨੂੰ ਬਦਲਦੇ ਖੇਤੀਬਾੜੀ ਹਾਲਾਤਾਂ ਦੇ ਮੱਦੇਨਜ਼ਰ ਆਧੁਨਿਕ ਅਤੇ ਵਿਗਿਆਨਕ ਖੇਤੀ ਤਕਨੀਕਾਂ ਨੂੰ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਕਿਸਾਨ ਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਖੇਤੀ ਮਾਹਿਰਾਂ ਵੱਲੋਂ ਦਿੱਤੀ ਜਾਂਦੀ ਤਕਨੀਕੀ ਜਾਣਕਾਰੀ ਨੂੰ ਅਮਲ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਦੀ ਸੰਭਾਲ ਖੇਤ ਵਿੱਚ ਹੀ ਕਰਨ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਿਸਾਨਾਂ ਤੱਕ ਨਵੀਨਤਮ ਖੇਤੀ ਤਕਨੀਕਾਂ ਅਤੇ ਵਿਗਿਆਨਕ ਜਾਣਕਾਰੀ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਮੇਤ ਵਾਤਾਵਰਣ ਪੱਖੀ ਖੇਤੀ ਲਈ ਲੋੜੀਂਦੀ ਸਹਾਇਤਾ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਦਿੱਤੀ ਜਾਂਦੀ ਤਕਨੀਕੀ ਸਲਾਹ ਅਤੇ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਸ ਕੈਂਪ ਦੇ ਪ੍ਰਬੰਧ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਕੀਤੇ ਗਏ। ਕੈਂਪ ਦੌਰਾਨ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਵਿਸ਼ਿਆਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ, ਪਸ਼ੂ ਪਾਲਣ, ਬਾਗਬਾਨੀ ਅਤੇ ਹੋਰ ਸਬੰਧਤ ਖੇਤਰਾਂ ਦੇ ਮਾਹਿਰਾਂ ਵੱਲੋਂ ਸ਼ਿਰਕਤ ਕੀਤੀ ਗਈ।
ਕੈਂਪ ਦੀ ਸ਼ੁਰੂਆਤ ਕਰਦਿਆਂ ਪਸ਼ੂ ਪਾਲਣ ਮਾਹਿਰ ਰੋਪੜ ਡਾ. ਮਨਿੰਦਰਜੀਤ ਸਿੰਘ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਸਬੰਧੀ ਸੰਖੇਪ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਪੌਦ ਸੁਰੱਖਿਆ ਅਫ਼ਸਰ ਡਾ. ਦਵਿੰਦਰ ਸਿੰਘ ਵੱਲੋਂ ਬਹੁਪੱਖੀ ਕੀਟ ਪ੍ਰਬੰਧਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਕਿਸਾਨਾਂ ਨੂੰ ਰਸਾਇਣਕ ਕੀਟਨਾਸ਼ਕਾਂ ਦੀ ਬੇਲੋੜੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ।
ਬਾਗਬਾਨੀ ਵਿਗਿਆਨੀ ਡਾ. ਸੰਜੀਵ ਅਹੂਜਾ ਅਤੇ ਡਾ. ਆਰ. ਐਸ. ਘੁੰਮਣ ਵੱਲੋਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਨਵੀਆਂ ਸਿਫ਼ਾਰਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਨੂੰ ਵੱਧ ਤੋਂ ਵੱਧ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਖੇਤੀ ਲਾਗਤ ਨੂੰ ਘਟਾ ਕੇ ਵਧੇਰੇ ਮੁਨਾਫ਼ਾ ਪ੍ਰਾਪਤ ਕੀਤਾ ਜਾ ਸਕੇ। ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਤੋਂ ਡਾ. ਕਮਲ ਕੁਮਾਰ ਵੱਲੋਂ ਕਿਸਾਨਾਂ ਨੂੰ ਵਿਦੇਸ਼ੀ ਸਬਜ਼ੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸੇ ਤਰ੍ਹਾਂ ਅਪੇਡਾ ਤੋਂ ਡਾ. ਪ੍ਰਮੋਦ ਤੋਮਰ ਵੱਲੋਂ ਬਾਸਮਤੀ ਦੀ ਕਾਸ਼ਤ ਅਤੇ ਨਿਰਯਾਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਕੈਂਪ ਦੇ ਤਕਨੀਕੀ ਸੈਸ਼ਨ ਦਾ ਸੰਚਾਲਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੁਖਸਾਗਰ ਸਿੰਘ ਵੱਲੋਂ ਕੀਤਾ ਗਿਆ। ਕਿਸਾਨ ਗਰੁੱਪਾਂ ਅਤੇ ਕੰਪਨੀਆਂ ਦੀਆਂ ਪ੍ਰਦਰਸ਼ਨੀਆਂ ਲਗਾਉਣ ਲਈ ਖੇਤੀਬਾੜੀ ਵਿਕਾਸ ਅਫ਼ਸਰ (ਖਾਦ), ਰੂਪਨਗਰ ਡਾ. ਲਵਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸਟਾਲ ਲਗਾਉਣ ਅਤੇ ਤਕਨੀਕੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਨੇ ਕਿਸਾਨਾਂ ਨੂੰ ਖੇਤੀ ਨੂੰ ਵਪਾਰਕ ਲੀਹਾਂ ’ਤੇ ਤੋਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਧੁਨਿਕ ਤਕਨੀਕਾਂ ਅਤੇ ਵਿਗਿਆਨਕ ਸਿਫ਼ਾਰਸ਼ਾਂ ਨੂੰ ਅਪਣਾਉਣ ਨਾਲ ਖੇਤੀ ਲਾਗਤ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ ਵਿੱਚ ਮਦਦ ਮਿਲ ਸਕਦੀ ਹੈ। ਕੈਂਪ ਦੌਰਾਨ 10 ਉਦਮੀ ਕਿਸਾਨਾਂ ਵੱਲੋਂ ਆਪਣੇ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਨ੍ਹਾਂ ਉਦਮੀ ਕਿਸਾਨਾਂ ਵੱਲੋਂ ਹੋਰਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਦੱਸਿਆ ਗਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਵੀ ਨਸ਼ਟ ਹੁੰਦੇ ਹਨ।
ਡਾ. ਨਿਰਮਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਕਾਰਨ ਅੱਗ ਲੱਗਣ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ ਪਰਾਲੀ ਦੀ ਸੰਭਾਲ ਲਈ ਲਗਭਗ 300 ਖੇਤੀ ਮਸ਼ੀਨਰੀ ਦੇ ਸੰਦ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਚੁੱਕੇ ਹਨ।
ਉਨ੍ਹਾਂ ਕਿਸਾਨਾਂ ਨੂੰ ਕਿਸਾਨ ਪਛਾਣ ਪੱਤਰ ਬਣਾਉਣ ਲਈ ਵੀ ਪ੍ਰੇਰਿਤ ਕਰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਖਾਦ ਸਮੇਤ ਵੱਖ-ਵੱਖ ਵਿਭਾਗੀ ਸਹੂਲਤਾਂ ਪ੍ਰਾਪਤ ਕਰਨ ਲਈ ਕਿਸਾਨ ਪਛਾਣ ਪੱਤਰ ਦੀ ਲੋੜ ਹੋਵੇਗੀ। ਇਸ ਮੌਕੇ ਉਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਮੁੱਖ ਮਹਿਮਾਨ ਅਤੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਕਿਸਾਨ ਸਿਖਲਾਈ ਕੈਂਪ ਦੌਰਾਨ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚੋਂ 5 ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਖੇਤ ਵਿੱਚ ਹੀ ਕਰਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਵਿੱਚ ਜ਼ਿਲ੍ਹੇ ਦੇ ਲਗਭਗ 1000 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।



















