ਜੁਗਾੜੂ ਰੇਹੜੀ, ਪੀਟਰ ਰੇਹੜਾ ਅਤੇ ਅਣਅਧਿਕਾਰਤ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ

5

ਮਾਲੇਰਕੋਟਲਾ 06 ਅਕਤੂਬਰ 2026 AJ DI Awaaj

 

Punjab Desk :  ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਦੇ ਮੰਤਵ ਨਾਲ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਕਰਨਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਜੁਗਾੜੂ, ਅਣਅਧਿਕਾਰਤ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਵਾਹਨਾਂ ਦੇ ਚਲਾਨ ਅਤੇ ਇੰਮਪਾਊਂਡ ਵੀ ਕੀਤੇ ਗਏ।

ਰੀਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਜੁਗਾੜੂ ਰੇਹੜੀ, ਪੀਟਰ ਰੇਹੜਾ ਅਤੇ ਹੋਰ ਅਣਅਧਿਕਾਰਤ ਵਾਹਨਾਂ ਦਾ ਸੜਕਾਂ ’ਤੇ ਚਲਣ ਦੀ ਮਨਾਹੀ ਹੈ। ਅਜਿਹੇ ਵਾਹਨ ਨਾ ਸਿਰਫ਼ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ, ਸਗੋਂ ਸੜਕ ’ਤੇ ਚੱਲਣ ਵਾਲੇ ਹੋਰ ਵਾਹਨ ਚਾਲਕਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਵੀ ਖ਼ਤਰਾ ਪੈਦਾ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਦੇ ਕੰਮਾਂ ਲਈ ਵਰਤੇ ਜਾਣ ਵਾਲੇ ਵਾਹਨਾਂ ਦੀ ਕਮਰਸ਼ੀਅਲ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਟਰੈਕਟਰ-ਟਰਾਲੀ ਅਤੇ ਹੋਰ ਖੇਤੀਬਾੜੀ ਵਾਹਨਾਂ ਦੀ ਵਰਤੋਂ ਸਿਰਫ਼ ਉਨ੍ਹਾਂ ਦੇ ਨਿਰਧਾਰਤ ਕੰਮਾਂ ਲਈ ਹੀ ਕੀਤੀ ਜਾਵੇ।

ਆਰ.ਟੀ.ਓ. ਕਰਨਬੀਰ ਸਿੰਘ ਛੀਨਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।