ਬਰਨਾਲਾ, 7 ਅਕਤੂਬਰ 2026 AJ DI Awaaj
Punjab Desk : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਐਸ.ਡੀ.ਐਮ. ਬਰਨਾਲਾ ਸ੍ਰੀ ਅਜੀਤਪਾਲ ਸਿੰਘ ਚਾਹਲ ਵੱਲੋਂ ਪਰਾਲੀ ਪ੍ਰੋਟੈਕਸ਼ਨ ਫੋਰਸ ਦੇ ਕਲੱਸਟਰ, ਅਸਿਸਟੈਂਟ ਅਤੇ ਨੋਡਲ ਅਫ਼ਸਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਮੁਸ਼ਤੈਦ ਰਹਿਣ ਅਤੇ ਕਿਸੇ ਵੀ ਖੇਤ ਵਿੱਚ ਅੱਗ ਲੱਗਣ ਤੋਂ ਪਹਿਲਾਂ ਹੀ ਉਸ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਉਨ੍ਹਾਂ ਪਰਾਲੀ ਪ੍ਰੋਟੈਕਸ਼ਨ ਫੋਰਸ ਦੇ ਮੈਂਬਰਾਂ ਨੂੰ ਸਬ-ਡਵੀਜ਼ਨ ਦੇ ਪਿੰਡਾਂ ਵਿੱਚ ਲਗਾਤਾਰ ਗਸ਼ਤ ਅਤੇ ਨਿਗਰਾਨੀ ਬਣਾਏ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਕਿਸਾਨਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ ਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੇ ਅਤੇ ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ, ਬੇਲਰ ਆਦਿ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਲੋੜ ਮੁਤਾਬਕ ਇਨ੍ਹਾਂ ਮਸ਼ੀਨਾਂ ਦੀ ਉਪਲਬਧਤਾ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਦਿੱਤੇ।
ਅੱਗ ਲੱਗਣ ਦੀ ਕਿਸੇ ਵੀ ਸੂਚਨਾ ‘ਤੇ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨਗੀਆਂ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣਗੀਆਂ।
ਐਸ.ਡੀ.ਐਮ. ਸ੍ਰੀ ਅਜੀਤਪਾਲ ਸਿੰਘ ਚਾਹਲ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਬਰਨਾਲਾ ਸਬ-ਡਵੀਜ਼ਨ ਨੂੰ ‘ਜ਼ੀਰੋ ਬਰਨਿੰਗ’ ਖੇਤਰ ਬਣਾਉਣਾ ਅਤੇ ਵਾਤਾਵਰਨ ਨੂੰ ਪਰਾਲੀ ਦੇ ਧੂੰਏਂ ਤੋਂ ਮੁਕਤ ਰੱਖਣਾ ਹੈ। ਇਸ ਲਈ ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਨਿਯਮਾਂ ਅਨੁਸਾਰ ਪੂਰੀ ਸਖ਼ਤੀ ਵੀ ਵਰਤੀ ਜਾਵੇਗੀ।

















