ਰੂਪਨਗਰ, 07 ਅਕਤੂਬਰ 2026 AJ DI Awaaj
Punjab Desk : ਜ਼ਹਿਰ ਮੁਕਤ ਸਬਜ਼ੀਆਂ ਪੈਦਾ ਕਰਨ ਲਈ ਘਰੇਲੂ ਬਗੀਚੀ ਦੀ ਮਹੱਤਤਾ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਰੂਪਨਗਰ ਵੱਲੋਂ ਬਲਾਕ ਰੂਪਨਗਰ ਦੇ ਪਿੰਡ ਮਲਕਪੁਰ ਵਿਖੇ ਔਰਤਾਂ ਦੇ ਸਵੈ-ਸਹਾਇਤਾ ਸਮੂਹ ਲਈ ਇੱਕ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਘਰੇਲੂ ਪੱਧਰ ’ਤੇ ਜ਼ਹਿਰ ਮੁਕਤ ਸਬਜ਼ੀਆਂ ਉਗਾਉਣ, ਸੰਤੁਲਿਤ ਖੁਰਾਕ ਅਤੇ ਕੁਦਰਤੀ ਤਰੀਕਿਆਂ ਨਾਲ ਸਬਜ਼ੀਆਂ ਦੀ ਸਾਂਭ-ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਬਲਾਕ ਰੂਪਨਗਰ ਦੇ ਬਾਗਬਾਨੀ ਵਿਕਾਸ ਅਫ਼ਸਰ ਡਾ. ਚਤੁਰਜੀਤ ਸਿੰਘ ਰਤਨ ਨੇ ਕਿਹਾ ਕਿ ਮਨੁੱਖੀ ਸਿਹਤ ਲਈ ਸੰਤੁਲਿਤ ਖੁਰਾਕ ਦਾ ਸੇਵਨ ਬਹੁਤ ਜ਼ਰੂਰੀ ਹੈ, ਜਿਸ ਵਿੱਚ ਵਿਟਾਮਿਨ, ਪ੍ਰੋਟੀਨ, ਖਣਿਜ ਅਤੇ ਹੋਰ ਖ਼ੁਰਾਕੀ ਤੱਤ ਭਰਪੂਰ ਮਾਤਰਾ ਵਿੱਚ ਮੌਜੂਦ ਹੋਣ। ਉਨ੍ਹਾਂ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਨਿਊਟਰੀਸ਼ਨ, ਹੈਦਰਾਬਾਦ ਅਨੁਸਾਰ ਕੁਪੋਸ਼ਣ ਦਾ ਟਾਕਰਾ ਕਰਨ ਲਈ ਹਰੇਕ ਵਿਅਕਤੀ ਨੂੰ ਰੋਜ਼ਾਨਾ 300 ਗ੍ਰਾਮ ਤਾਜ਼ੀਆਂ ਸਬਜ਼ੀਆਂ ਆਪਣੀ ਖੁਰਾਕ ਵਿੱਚ ਸ਼ਾਮਲ ਕਰਨੀਆਂ ਚਾਹੀਦੀਆਂ ਹਨ, ਜਿਸ ਵਿੱਚ 120 ਗ੍ਰਾਮ ਹਰੀਆਂ ਪੱਤੇਦਾਰ ਸਬਜ਼ੀਆਂ, 90 ਗ੍ਰਾਮ ਜੜ੍ਹਾਂ ਵਾਲੀਆਂ ਸਬਜ਼ੀਆਂ ਅਤੇ 90 ਗ੍ਰਾਮ ਹੋਰ ਸਬਜ਼ੀਆਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਿੱਜੀ ਮੁਨਾਫ਼ੇ ਦੀ ਖ਼ਾਤਰ ਕੁਝ ਲੋਕ ਰਸਾਇਣਿਕ ਦਵਾਈਆਂ ਦੀ ਵਧੇਰੇ ਵਰਤੋਂ ਕਰਕੇ ਤਿਆਰ ਕੀਤੀਆਂ ਸਬਜ਼ੀਆਂ ਬਾਜ਼ਾਰ ਵਿੱਚ ਸਪਲਾਈ ਕਰ ਰਹੇ ਹਨ, ਜੋ ਮਨੁੱਖੀ ਸਿਹਤ ਲਈ ਹਾਨੀਕਾਰਕ ਹੋ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਆਪਣੇ ਘਰਾਂ ਜਾਂ ਖੇਤਾਂ ਵਿੱਚ ਆਪਣੀ ਲੋੜ ਅਨੁਸਾਰ ਸਬਜ਼ੀਆਂ ਉਗਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਇਸੇ ਮੰਤਵ ਨਾਲ ਬਾਗਬਾਨੀ ਵਿਭਾਗ ਵੱਲੋਂ ਲੋਕਾਂ ਨੂੰ ਘਰੇਲੂ ਬਗੀਚੀ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਰਤਨ ਨੇ ਦੱਸਿਆ ਕਿ ਘਰੇਲੂ ਬਗੀਚੀ ਤਿਆਰ ਕਰਨ ਨਾਲ ਜਿੱਥੇ ਪਰਿਵਾਰ ਨੂੰ ਤਾਜ਼ੀਆਂ ਅਤੇ ਜ਼ਹਿਰ ਮੁਕਤ ਸਬਜ਼ੀਆਂ ਮਿਲ ਸਕਦੀਆਂ ਹਨ, ਉੱਥੇ ਸਬਜ਼ੀਆਂ ਦੀ ਖਰੀਦ ’ਤੇ ਹੋਣ ਵਾਲੇ ਖਰਚੇ ਵਿੱਚ ਵੀ ਕਮੀ ਆ ਸਕਦੀ ਹੈ। ਤਾਜ਼ੀਆਂ ਅਤੇ ਜ਼ਹਿਰ ਮੁਕਤ ਸਬਜ਼ੀਆਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਲੋੜੀਂਦੇ ਪੌਸ਼ਟਿਕ ਤੱਤ ਪ੍ਰਾਪਤ ਹੁੰਦੇ ਹਨ, ਜਿਸ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਵੱਲੋਂ ਹਰ ਸਾਲ ਸਰਦ ਅਤੇ ਗਰਮ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਤਿਆਰ ਕੀਤੀਆਂ ਜਾਂਦੀਆਂ ਹਨ। ਇਸ ਸਮੇਂ ਸਰਦ ਰੁੱਤ ਦੀਆਂ ਤਿਆਰ ਸਬਜ਼ੀ ਬੀਜ ਕਿੱਟਾਂ ਵਿੱਚ 9 ਤਰ੍ਹਾਂ ਦੀਆਂ ਸਬਜ਼ੀਆਂ ਦੇ ਬੀਜ ਸ਼ਾਮਲ ਹਨ ਅਤੇ ਇਨ੍ਹਾਂ ਦੀ ਬਿਜਾਈ ਸਬੰਧੀ ਲੋੜੀਂਦੀ ਜਾਣਕਾਰੀ ਵੀ ਕਿੱਟ ਵਿੱਚ ਉਪਲਬਧ ਕਰਵਾਈ ਗਈ ਹੈ।
ਘਰੇਲੂ ਪੱਧਰ ’ਤੇ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਨੂੰ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਸਾਨਾਂ ਅਤੇ ਔਰਤਾਂ ਨੂੰ ਰਸਾਇਣਿਕ ਦਵਾਈਆਂ ਦੀ ਬਜਾਏ ਘਰੇਲੂ ਪੱਧਰ ’ਤੇ ਤਿਆਰ ਕੀਤੇ ਜੈਵਿਕ ਪਦਾਰਥਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਤਾਂ ਜੋ ਰਸਾਇਣਿਕ ਦਵਾਈਆਂ ਦੀ ਵਰਤੋਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਜੈਵਿਕ ਤਰੀਕਿਆਂ ਰਾਹੀਂ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਵੱਖ-ਵੱਖ ਕਿਸਮ ਦੇ ਪਦਾਰਥ ਤਿਆਰ ਕਰਨ ਦੀ ਵਿਧੀ ਵੀ ਵਿਸਥਾਰ ਨਾਲ ਸਾਂਝੀ ਕੀਤੀ। ਖ਼ਾਸ ਤੌਰ ’ਤੇ ਫ਼ਲ ਦੀ ਮੱਖੀ ਦੀ ਰੋਕਥਾਮ ਲਈ ਫ਼ਰੂਟ ਫਲਾਈ ਟਰੈਪ ਦੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ 1.25 ਕਨਾਲ ਰਕਬੇ ਵਿੱਚ ਫ਼ਲਾਂ ਦੀ ਘਰੇਲੂ ਬਗੀਚੀ ਤਿਆਰ ਕਰਨ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਉਪਰੰਤ ਖੇਤੀਬਾੜੀ ਵਿਕਾਸ ਅਫ਼ਸਰ ਡਾ. ਬਲਜੀਤ ਸਿੰਘ ਵੱਲੋਂ ਕੁਦਰਤੀ ਖੇਤੀ ਅਪਣਾਉਣ ਦੇ ਫ਼ਾਇਦਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕੁਦਰਤੀ ਖੇਤੀ ਰਾਹੀਂ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਵਾਤਾਵਰਨ ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਬਾਰੇ ਵੀ ਦੱਸਿਆ।
ਇਸ ਕੈਂਪ ਵਿੱਚ ਪਿੰਡ ਦੇ ਪੰਚ ਵੱਲੋਂ ਕੈਂਪ ਵਿੱਚ ਹਾਜ਼ਰ ਔਰਤਾਂ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਹਾਜ਼ਰ ਔਰਤਾਂ ਨੂੰ ਆਪਣੇ ਘਰਾਂ ਵਿੱਚ ਸਬਜ਼ੀਆਂ ਦੀ ਘਰੇਲੂ ਬਗੀਚੀ ਤਿਆਰ ਕਰਨ ਲਈ ਪ੍ਰੇਰਿਤ ਕੀਤਾ।

















