ਸਕੀਮ ਤਹਿਤ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

1

ਬਟਾਲਾ, 8 ਅਕਤੂਬਰ 2026 AJ DI Awaaj

Punjab Desk :   ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਤਾਰਾਗੜ੍ਹ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਅਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਹਨ, ਜਿਨ੍ਹਾਂ ਕੋਲ ਮਾਲਕੀ ਦਾ ਰਸਮੀ ਰਿਕਾਰਡ ਨਾ ਹੋਣ ਕਰਕੇ ਆਪਣੀ ਜ਼ਿੰਦਗੀ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਇਸ ਸਕੀਮ ਨੇ ਅਜਿਹੀਆਂ ਸਾਰੀਆਂ ਸਮੱਸਿਆਵਾਂ ਦਾ ਜੜ੍ਹੋਂ ਹੱਲ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ।

ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੇ ਹੱਕ ਅਤੇ ਸਨਮਾਨ ਨੂੰ ਨਵੀਂ ਮਜ਼ਬੂਤੀ ਮਿਲੀ ਹੈ ਜੋ ਭਵਿੱਖ ਵਿਚ ਉਨ੍ਹਾਂ ਦੀ ਚਹੁੰਮੁਖੀ ਤਰੱਕੀ ਵਿਚ ਵੱਡਮੁਲਾ ਯੋਗਦਾਨ ਪਾਵੇਗੀ।