ਰੂਪਨਗਰ, 08 ਅਕਤੂਬਰ 2026 AJ DI Awaaj
Punjab Desk : ਜ਼ਿਲ੍ਹਾ ਸੈਨਿਕ ਬੋਰਡ ਰੂਪਨਗਰ ਦੀ ਤਿਮਾਹੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਸੈਨਿਕਾਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਸੇਵਾ ਨਿਭਾ ਰਹੇ ਸੈਨਿਕਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੀ ਸ਼ੁਰੂਆਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਰੂਪਨਗਰ ਵਿੰਗ ਕਮਾਂਡਰ ਅਮਨਪ੍ਰੀਤ ਕੌਰ (ਰਿਟਾ.) ਵੱਲੋਂ ਮੀਟਿੰਗ ਵਿੱਚ ਸ਼ਾਮਲ ਸਮੂਹ ਮੈਂਬਰਾਂ ਨੂੰ ਜੀ ਆਇਆਂ ਆਖਦਿਆਂ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨਾਲ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਇੱਕ ਸ਼ਹੀਦ ਦੇ ਵਾਰਸ ਨੂੰ ਬਣਦੀ ਨੌਕਰੀ ਬਿਨਾਂ ਕਿਸੇ ਦੇਰੀ ਦੇ ਮੁਹੱਈਆ ਕਰਵਾਉਣ ਸਬੰਧੀ ਮਾਮਲਾ ਵਿਚਾਰਿਆ ਗਿਆ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਨੂੰ ਤਰਜੀਹ ਦੇ ਆਧਾਰ ’ਤੇ ਕਰਨ ਲਈ ਕਿਹਾ ਗਿਆ।
ਇਸ ਮੌਕੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਦੇ ਹੱਲ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਸੇਵਾ ਨਿਭਾ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਦਰਖਾਸਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ ਸਬੰਧੀ ਵੀ ਵਿਚਾਰ ਕੀਤਾ ਗਿਆ।
ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਦਫ਼ਤਰਾਂ ਵਿੱਚ ਸਾਬਕਾ ਸੈਨਿਕਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਮੀਟਿੰਗ ਦੌਰਾਨ ਹਾਜ਼ਰ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਇਕੱਤਰ ਕੀਤੀ ਜਾਣ ਵਾਲੀ ਰਾਸ਼ੀ ਬਿਨਾਂ ਕਿਸੇ ਦੇਰੀ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਰੂਪਨਗਰ ਵਿਖੇ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਇਸ ਰਾਸ਼ੀ ਦੀ ਵਰਤੋਂ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੀ ਜਾ ਸਕੇ।
ਇਸ ਦੌਰਾਨ ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਵੱਲੋਂ ਦਫ਼ਤਰੀ ਕਾਰਗੁਜ਼ਾਰੀ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਬਾਰੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੀ ਪ੍ਰਦਾਨ ਕੀਤੇ ਗਏ।
ਮੀਟਿੰਗ ਵਿੱਚ ਵਿੰਗ ਕਮਾਂਡਰ ਅਮਨਪ੍ਰੀਤ ਕੌਰ (ਰਿਟਾ.), ਵਾਈਸ ਪ੍ਰੈਜ਼ੀਡੈਂਟ ਸਕੁਆਡਰਨ ਲੀਡਰ ਹਾਕਮ ਸਿੰਘ ਰਾਹੀਂ, ਵਿੰਗ ਕਮਾਂਡਰ ਸੁਰਿੰਦਰ ਕੁਮਾਰ ਸ਼ਰਮਾ, ਇੰਚਾਰਜ, ਈ.ਸੀ.ਐੱਚ.ਐੱਸ., ਸ੍ਰੀ ਸਤਨਾਮ ਸਿੰਘ, ਸੀਨੀਅਰ ਅਕਾਊਂਟ ਅਫ਼ਸਰ, ਡੀ.ਪੀ.ਡੀ.ਓ., ਸ੍ਰੀਮਤੀ ਰਮਨਦੀਪ ਕੌਰ, ਸੁਪਰਡੰਟ ਅਤੇ ਦਫ਼ਤਰ ਦਾ ਸਮੂਹ ਸਟਾਫ਼ ਹਾਜ਼ਰ ਸੀ।



















